ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 26 ਅਗਸਤ

ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕਰ ਰਹੀ ਹੈ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜ਼ਨ 3) ਦਾ ਆਯੋਜਨ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਦੇ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 02 ਸਤੰਬਰ 2024 ਤੋਂ 11 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਫੁੱਟਬਾਲ, ਕਬੱਡੀ (ਨ.ਸ) ਕਬੱਡੀ (ਸ.ਸ), ਖੋਹ ਖੋਹ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵੱਖ-ਵੱਖ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗਿੱਦੜਬਾਹਾ ਦੇ ਖੇਡ ਮੁਕਾਬਲੇ 02 ਸਤੰਬਰ ਤੋਂ 03 ਸਤੰਬਰ ਤੱਕ ਖੇਡ ਸਟੇਡੀਅਮ ਕੋਟਭਾਈ, ਬਲਾਕ ਲੰਬੀ ਦੇ ਖੇਡ ਮੁਕਾਬਲੇ 04 ਸਤੰਬਰ ਤੋਂ 05 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਬਾਦਲ, ਬਲਾਕ ਮਲੋਟ ਦੇ ਖੇਡ ਮੁਕਾਬਲੇ 06 ਸਤੰਬਰ ਤੋਂ 08 ਸਤੰਬਰ ਤੱਕ ਨਿਉਟਨ ਵਰਲਡ ਸਕੂਲ ਮਲੋਟ ਅਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ 09 ਸਤੰਬਰ ਤੋਂ 11 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਯੋਜਿਤ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ www.eservices.punjab.gov.in ਤੇ ਕੀਤੀ ਜਾਵੇਗੀ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।

[wpadcenter_ad id='4448' align='none']