ਸੂਬੇ ਵਿੱਚ ਹਰ ਨਿੱਜੀ ਅਤੇ ਸਰਕਾਰੀ ਸਕੂਲ ਵਿੱਚ ਨਰਸਰੀ ਤੋਂ ਹੀ ਪੜ੍ਹਾਈ ਜਾਵੇ ਪੰਜਾਬੀ- ਜਥੇਦਾਰ ਗੜਗੱਜ
ਅੰਮ੍ਰਿਤਸਰ- ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ’ਚ ਮਾਂ ਬੋਲੀ ਦੇ ਪਤਨ ਵੱਲ ਜਾਣ ਦੇ ਕਾਰਨ ਅਤੇ ਹਾਨੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਵੀ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਭੇਜਣ ਨੂੰ ਤਰਜੀਹ ਦਿੰਦੇ ਹਨ ਜਿਸ ਦੇ ਨਾਲ ਨਿੱਜੀ ਸਕੂਲ ਬੱਚਿਆਂ ਨੂੰ ਨਰਸਰੀ ਵਿੱਚ ਸਿਰਫ਼ ਅੰਗਰੇਜ਼ੀ ਅਤੇ ਗਣਿਤ ਵਿਸ਼ੇ ਹੀ ਜ਼ਿਆਦਾ ਪੜ੍ਹਾਉਂਦੇ ਹਨ। ਬੱਚਿਆਂ ਨੂੰ ਸਕੂਲ ਦੇ ਸ਼ੁਰੂਆਤੀ ਦੌਰ ਵਿੱਚ ਹੀ ਪੰਜਾਬੀ ਨਾ ਪੜ੍ਹਾਉਣ ਕਾਰਨ ਹੀ ਪੰਜਾਬੀ ਭਾਸ਼ਾ ਪਤਨ ਵੱਲ ਜਾਣ ਲੱਗ ਪਈ ਹੈ।
Read Also- ਰੋਡਵੇਜ਼ ਕਰਮਚਾਰੀਆਂ ਵੱਲੋਂ ਲਗਾਤਾਰ ਤਿੰਨ ਦਿਨ ਬੱਸ ਅੱਡੇ ਬੰਦ ਰੱਖਣ ਦਾ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿੱਚ ਨਰਸਰੀ ਤੋਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਹੀਆਂ ਹਨ। ਪੰਜਾਬ ’ਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਤੇ ਸੀ.ਬੀ.ਐੱਸ.ਈ ਨਾਲ ਸਬੰਧਤ ਕਈ ਸਕੂਲਾਂ ’ਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਬਰਦਾਸ਼ਤਯੋਗ ਨਹੀਂ।
ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬੀ ਦੀ ਸੁਰੱਖਿਆ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬੀ ਭਾਸ਼ਾ ਦੇ ਸਾਰੇ ਕਾਰਕੁਨ ਇਸ ਨੂੰ ਆਪਣਾ ਸੰਕਲਪ ਬਣਾਉਣ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਦੇਖਣ ਕਿ ਕਿਹੜੇ ਸਕੂਲ ਨਰਸਰੀ ਤੋਂ ਪੰਜਾਬੀ ਨਹੀਂ ਪੜ੍ਹਾ ਰਹੇ।
ਅਜਿਹੇ ਸਕੂਲਾਂ ਦੀ ਸੂਚੀ ਤਿਆਰ ਕਰ ਕੇ ਇਹ ਮਾਮਲਾ ਅਕਾਲ ਤਖ਼ਤ ਦੇ ਸਾਹਮਣੇ ਰੱਖਿਆ ਜਾਵੇ, ਤਾਂ ਜੋ ਅੱਗੇ ਦੀ ਕਾਰਵਾਈ ਹੋ ਸਕੇ। ਜਥੇਦਾਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਨਰਸਰੀ ਤੋਂ ਹੀ ਪੰਜਾਬੀ ਭਾਸ਼ਾ ਪੜ੍ਹਾਈ ਜਾਵੇ।
ਉਨ੍ਹਾਂ ਕਿਹਾ ਕਿ ਬਾਕੀ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ ਪਰ ਪੰਜਾਬ ਅੰਦਰ ਬੱਚੇ ਦੀ ਸਿੱਖਿਆ ਸ਼ੁਰੂ ਹੁੰਦੇ ਹੀ ਪੰਜਾਬੀ ਪੜ੍ਹਾਉਣ ਨੂੰ ਪਹਿਲ ਹੋਣੀ ਚਾਹੀਦੀ ਹੈ।
Advertisement
