ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ  ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਖਰਾਬ ਹੁੰਦੀ ਹੈ: ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 28 ਮਈ 2024( ) ਖੇਤੀ ਵਿਰਾਸਤ ਮਿਸ਼ਨ ਜੈਤੋ ਵਲੋਂ ਕਿਸਾਨਾਂ ਅੰਦਰ ਵਿਰਾਸਤੀ ਦਰੱਖਤਾਂ ਦੀ ਸੰਭਾਲ ਅਤੇ ਦੂਸ਼ਿਤ ਹੋ ਰਹੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਕੋਟਕਪੂਰਾ ਦੇ ਪਿੰਡ ਕਰੀਰ ਵਾਲਾ ਵਿਚ ਵਿਸ਼ਵ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਨੇ ਕੀਤੀ । ਖੇਤੀ ਵਿਰਾਸਤ ਮਿਸ਼ਨ ਦੇ ਨਿਰਦੇਸ਼ਕ ਉਮੇਂਦਰ ਦੱਤ ਦੀ ਅਗਵਾਈ ਹੇਠ ਮਨਾਏ ਗਏ ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਡਾ.ਰਜਨੀਸ਼ ਕੁਮਾਰ ਵਾਤਾਵਰਨ ਪ੍ਰੇਮੀ,ਗੋਰਾ ਸਿੰਘ,ਚਰਨਜੀਤ ਕੌਰ,ਮਨਜੀਤ ਕੌਰ,ਅਮਰ ਸਿੰਘ ਸਰਾਵਾਂ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਵਿਰਾਸਤੀ ਦਰਖਤ ਜਿਵੇਂ ਕਰੀਰ, ਜੰਡ , ਬੋਹੜ,ਕਿੱਕਰ, ਢੱਕ ਆਦਿ ਹੋਂਦ ਗਵਾ ਰਹੇ ਹਨ ਜਿਨ੍ਹਾਂ ਨੂੰ ਸੰਭਾਲਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਬਹੁਤ ਸਾਰੇ ਸੜਕਾਂ ਅਤੇ ਖੇਤਾਂ ਵਿਚ ਲੱਗੇ ਛਾਂਦਾਰ ਦਰੱਖਤ ਸੜ ਗਏ ਹਨ ।ਉਨਾਂ ਕਿਹਾ ਕਿ ਦਰਖਤ ਮਨੁੱਖ ਦੀ ਕਈ ਤਰਾਂ ਨਾਲ ਮਦਦ ਕਰਦੇ ਹਨ ਇਸ ਲਈ ਇਨ੍ਹਾਂ ਦੀ ਖਾਸ ਕਰਕੇ ਵਿਰਾਸਤੀ ਦਰੱਖਤਾਂ ਦੀ ਸੰਭਾਲ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮਿਥੇ ਟੀਚਿਆਂ ਦੀ ਪੂਰਤੀ ਕੀਤੀ ਜਾ ਸਕੇ।ਉਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਅਤੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ, ਉੱਥੇ ਮਿੱਟੀ ਦੀ ਭੌਤਿਕੀ,ਰਸਾਇਣਕ ਅਤੇ ਜੈਵਿਕ ਬਣਤਰ ਵੀ ਪ੍ਰਭਾਵਤ ਹੁੰਦੀ ਹੈ। ਉਨਾਂ ਕਿਹਾ ਕਿ ਇਸ ਵਾਰ ਜ਼ਿਲਾ ਫ਼ਰੀਦਕੋਟ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਜਿਸ ਨਾਲ ਕਿਸਾਨਾਂ ਨੂੰ ਵਧੇਰੇ ਵਿੱਤੀ ਲਾਭ ਹੋਇਆ ਹੈ ਅਤੇ ਇਸ ਦਾ ਕਾਰਨ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਸਮੇਤ ਕਣਕ ਦੀ ਬਿਜਾਈ ਕਰਨਾ ਹੈ। ਡਾ. ਰਜਨੀਸ਼ ਕੁਮਾਰ ਨੇ ਵਿਸਥਾਰ ਸਹਿਤ ਵਿਰਾਸਤੀ ਦਰੱਖਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਗੁਰੂ ਘਰ ਵਿਰਾਸਤੀ ਦਰੱਖਤਾਂ ਦੇ ਨਾਮ ਤੇ ਹਨ , ਜਿਨ੍ਹਾਂ ਦੀ ਮਹੱਤਤਾ ਸਮਝਣ ਦੀ ਜ਼ਰੂਰਤ ਹੈ । ਉਨਾਂ ਕਿਹਾ ਕਿ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਜੂਨ ਮਹੀਨੇ ਦੌਰਾਨ ਪਿੰਡਾਂ ਵਿਚ ਵਿਰਾਸਤੀ ਬੂਟੇ ਲਗਾਏ ਜਾਣਗੇ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਲਗਾਏ ਜਾਣ ਵਾਲੇ ਵਿਰਾਸਤੀ ਦਰੱਖਤਾਂ ਦੀ ਸੰਭਾਲ ਕਰਨ ।ਉਮੇਂਦਰ ਦੱਤ ਨੇ ਮਿਸ਼ਨ ਦੁਆਰਾ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਟੇ ਅਨਾਜ ਦੀ ਮੰਗ ਦਿਨੋਂ ਦਿਨ ਵਧਦੀ ਜਾ ਰਹੀ ਹੈ ,ਜਿਸ ਨੂੰ ਮੁੱਖ ਰੱਖਦਿਆਂ ਹਰੇਕ ਕਿਸਾਨ ਨੂੰ ਕੁਝ ਰਕਬੇ ਵਿਚ ਮੋਟੇ ਅਨਾਜ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਮੌਕੇ ਹਾਜ਼ਰ ਹੋਏ ਕਿਸਾਨਾਂ ਨੂੰ ਪੰਜਾਬ ਦਾ ਵਿਰਾਸਤੀ ਦਰਖਤ ਜਾਮਨ ਦੇ ਬੂਟੇ ਵੀ ਵੰਡੇ ਗਏ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਲਈ ਸਹੁੰ ਚੁਕਾਈ ਗਈ। ਹਾਜ਼ਰ ਕਿਸਾਨਾਂ ਨੇ ਵੀ ਵਿਸ਼ਵਾਸ਼ ਦਿਵਾਇਆ ਕਿ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ,ਵਿਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

[wpadcenter_ad id='4448' align='none']