ਅੰਮ੍ਰਿਤਸਰ, 3 ਅਗਸਤ ( )-‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਾਰੇ ਸਕੂਲਾਂ ਦੀ ਦਸ਼ਾ ਨੂੰ ਬਦਲ ਰਹੀ ਹੈ । ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਇਸ ਗੱਲ ਦੀ ਗਵਾਹੀ ਹਨ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਨਵੇ ਖੇਡ ਮੈਦਾਨ ,ਨਵੀਆਂ ਲੈਬੋਟਰੀਆਂ ਨਵੇਂ ਕੰਪਿਊਟਰ ਸੈਂਟਰ ਬਣ ਰਹੇ ਹਨ ਜੋ ਆਉਣ ਵਾਲੇ ਬੱਚਿਆਂ ਦੇ ਹਾਣੀ ਹੋਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਕੂਲੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਹਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹਈਆ ਕਰਵਾਈ ਜਾਵੇ ਤਾਂ ਜੋ ਇਹ ਬੱਚੇ ਆਪਣੇ ਪੈਰਾਂ ਤੇ ਖੜੇ ਹੋ ਸਕਣ।
ਕੈਬਿਨਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਯੋਗ ਬਣਾਓ ਕਿ ਉਹ ਆਉਣ ਵਾਲੇ ਸਮੇਂ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਯੋਗ ਹੋ ਸਕਣ ਅਤੇ ਆਉਣ ਵਾਲੇ ਸਮੇਂ ਦੌਰਾਨ ਹੋ ਰਹੀਆਂ ਤਬਦੀਲੀਆਂ ਦੇ ਕਾਬਲ ਬਣ ਸਕਣ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਅਤੇ ਸਕੂਲ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ।
ਉਹਨਾਂ ਕਿਹਾ ਕਿ ਤੁਹਾਡੀਆਂ ਮੁਸ਼ਕਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਅਧਿਆਪਕ ਮੈਡਮ ਅਨੀਤਾ ਸ਼ਰਮਾ ਅਧਿਆਪਕ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।