ਲੁਧਿਆਣਾ, 14 ਦਸੰਬਰ –
ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਸਬੰਧੀ ਜਾਰੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਕਮਰਸ਼ੀਅਲ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਕੀਤੀ।
ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ, ਡਵੀਜ਼ਨਲ ਡਿਪਟੀ ਡਾਇਰੈਕਟਰ ਜਗਜੀਵਨਜੀਤ ਸਿੰਘ ਸੰਧੂ, ਡੀ.ਡੀ.ਪੀ.ਓ ਨਵਦੀਪ ਕੌਰ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ ਜਿਸਦੇ ਤਹਿਤ ਹੁਣ ਤੱਕ 12,000 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੱਲੋਕੇ ਪਿੰਡ ਦੀ ਜ਼ਮੀਨ ਵਪਾਰਕ ਕਿਸਮ ਦੀ ਹੈ ਜੋ ਵਿੱਤੀ ਨਜ਼ਰੀਏ ਤੋਂ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਵਰਤੋਂ ਪਿੰਡਾਂ ਦੀ ਭਲਾਈ ਦੇ ਨਾਲ-ਨਾਲ ਇਸ ਤੋਂ ਹੋਣ ਵਾਲੀ ਆਮਦਨ ਇਸ ਪਿੰਡ ਦੇ ਵਿਕਾਸ ‘ਤੇ ਵੀ ਖਰਚ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਜ਼ਮੀਨ ਦੇ ਮਾਮਲੇ ਦਾ ਫੈਸਲਾ ਸੰਯੁਕਤ ਕਮਿਸ਼ਨਰ ਵਿਕਾਸ (ਜੇ.ਸੀ.ਡੀ.) ਨੂੰ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਨ੍ਹਾਂ ਨੇ ਪੂਰੀ ਜਾਂਚ ਤੋਂ ਬਾਅਦ ਪਿੰਡ ਦੀ ਪੰਚਾਇਤ ਦੇ ਹੱਕ ਵਿਚ ਇਸ ਕੇਸ ਦਾ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਇਹ ਕਬਜ਼ਾ ਲੈ ਕੇ ਜ਼ਮੀਨ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਪਿੰਡ ਬੱਲੋਕੇ ਦੇ ਵਸਨੀਕਾਂ ਵੱਲੋਂ ਇਸ ਵਡਮੁੱਲੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।
ਕੈਬਨਿਟ ਮੰਤਰੀ ਭੁੱਲਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਦਾ ਇੱਕ ਇੰਚ ਵੀ ਅਧਿਕਾਰੀਆਂ ਦੁਆਰਾ ਅਣਗੌਲਿਆ ਨਾ ਰਹੇ। ਉਨ੍ਹਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਵੀ ਕਬਜ਼ਾ ਛੱਡਣ ਦੀ ਚਿਤਾਵਨੀ ਦਿੱਤੀ, ਅਜਿਹਾ ਨਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਾਰੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਤੱਕ ਜਾਰੀ ਰਹੇਗੀ।