ਅੰਮ੍ਰਿਤਸਰ 24 ਜੂਨ 2024—ਲੋਕਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉਪਰ ਤਿੰਨ ਸਾਲ ਲਈ ਚੋਣ ਲੜਨ ਤੇ ਚੋਣ ਕਮਿਸ਼ਨ ਰੋਕ ਲਗਾ ਸਕਦਾ ਹੈ।
ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਜੋਤੀ ਬਾਲਾ ਨੇ ਚੋਣ ਲੜ ਚੁੱਕੇ ਉਮੀਦਵਾਰ ਅਤੇ ਉਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ 30 ਜੂਨ ਨੂੰ ਤੁਹਾਡੇ ਵਲੋਂ ਖਰਚ ਕੀਤੀ ਗਈ ਰਾਸ਼ੀ ਦਾ ਮੁੜ ਮਿਲਾਨ ਕੀਤਾ ਜਾਣਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਤੁਹਾਨੂੰ ਅੱਜ ਜੋ ਟ੍ਰੇਨਿੰਗ ਦਿੱਤੀ ਗਈ ਹੈ ਉਸ ਅਨੁਸਾਰ ਆਪਣਾ ਖਰਚਾ ਰਜਿਸਟਰ ਮੇਨਟੇਨ ਕਰਕੇ ਇਸ ਦਫ਼ਤਰ ਨੂੰ ਜਮ੍ਹਾਂ ਕਰਵਾਓ। ਉਨਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਚੋਣ ਤਹਿਸੀਲਦਾਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੀਟਿੰਗ ਵਿੱਚ ਡਿਪਟੀ ਕੰਟਰੋਲਰ ਵਿੱਤ ਲੇਖਾ ਸ੍ਰੀ ਮਨੂੰ ਸ਼ਰਮਾ, ਚੋਣ ਤਹਿਸੀਲਦਾਰ ਸ: ਇੰਦਰਜੀਤ ਸਿੰਘ, ਚੋਣ ਕਾਨੂੰਗੋ ਸ੍ਰੀ ਰਜਿੰਦਰ ਸਿੰਘ ਤੋਂ ਇਲਾਵਾ ਚੋਣ ਲੜ ਚੁੱਕੇ ਉਮੀਦਵਾਰ ਅਤੇ ਉਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।