ਦੋਸ਼ੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਕਰ ਚੁੱਕੇ ਸਨ ਵਸੂਲ
Also Read. : ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼. ਨੂੰ ਸੁਝਾਅ ਭੇਜਣ ਦੀ ਅਪੀਲ
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।
ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।