ਗੁਰਦਾਸਪੁਰ, 1 ਜਨਵਰੀ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ, ਡੀ.ਡੀ.ਪੀ.ਓ. ਗੁਰਦਾਸਪੁਰ ਸ. ਗੁਰਪ੍ਰੀਤ ਸਿੰਘ ਭੁੱਲਰ, ਵਣ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖ਼ੁਦ ਮੌਕੇ ‘ਤੇ ਜਾ ਕੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਿਯਮਾਂ ਅਨੁਸਾਰ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੋਰ ਲੋੜਵੰਦ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨੂੰ ਨਿਭਾਉਣ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਪੂਰਾ ਸਤਿਕਾਰ ਦੇਣ ਦੇ ਨਾਲ ਮੈਰਿਟ ਉੱਪਰ ਉਨ੍ਹਾਂ ਦੇ ਕੰਮ ਕੀਤੇ ਜਾਣ।
ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਨੂੰ ਉੱਚਾ ਚੁੱਕਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਜਿੱਥੇ ਸੂਬਾ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ ਓਥੇ ਜ਼ਿਲ੍ਹਾ ਗੁਰਦਾਸਪੁਰ ਵੀ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹੇਗਾ।