ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 05 ਫਰਵਰੀ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ,ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲ-ਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। ਉਹਨਾਂ ਨੇ ਉਚੇਚੇ ਤੌਰ ਉੱਤੇ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਬਹੁਤ ਜਲਦ ਨਵੇਂ ਡਾਕਟਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤ ਖੇਤਰ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। ਉਹਨਾਂ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਹਨਾਂ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਤੇ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

ਸਿਹਤ ਮੰਤਰੀ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਬਾਰੇ ਦੱਸਿਆ ਕਿ ਜੋ ਵੀ ਵਿਅਕਤੀ ਹਾਦਸੇ ਦੇ ਪੀੜਤ ਨੂੰ ਹਸਪਤਾਲ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ। ਉਸ ਤੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਅੱਜ ਸਿਵਲ ਹਸਪਤਾਲ ਵਿਖੇ ਕਿ ਇਕ ਹਾਦਸੇ ਦੇ ਜਖਮੀ ਨੂੰ ਲੈ ਕੇ ਪੁੱਜੇ ਵਿਅਕਤੀ ਦੀ ਸਿਹਤ ਮੰਤਰੀ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ।

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਸਿਰ ਦੀ ਸਰਜਰੀ ਹੁੰਦੀ ਹੈ ਜੇਕਰ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸ ਦਾ ਅਪਰੇਸ਼ਨ ਮੁਫ਼ਤ ਕੀਤਾ ਜਾਵੇਗਾ।

ਸਿਹਤ ਮੰਤਰੀ ਕਿਹਾ ਕਿ ਜੇ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 ‘ਤੇ ਵੀ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਤੇ ਉਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਨਵੀਂ ਇਮਾਰਤ ਵਿੱਚ ਹੀ ਆਈ ਸੀ ਯੂ ਵੀ ਸਥਾਪਤ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬਸੀ ਪਠਾਣਾ ਸ.ਰੁਪਿੰਦਰ ਸਿੰਘ ਹੈਪੀ, ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ. ਹਿਤਿੰਦਰ ਕੌਰ, ਸਹਾਇਕ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ, ਡਾ. ਸੁਖਜੀਤ ਕੌਰ, ਸਟੇਟ ਕੁਆਰਡੀਨੇਟਰ ਰਜਨੀ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਹਾਵੀਰ ਸਿੰਘ ਹਾਜ਼ਰ ਸਨ।