ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਨਜ਼ਰੀਏ ਤੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ

ਸੀ.ਪੀ.ਐਸ./ਐਸ.ਐਸਜ਼ ਨੂੰ ਸੰਵੇਦਨਸ਼ੀਲ ਥਾਵਾਂ ਦੇ ਆਸ-ਪਾਸ ਗਸ਼ਤ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ : ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ

ਚੰਡੀਗੜ੍ਹ, 24 ਜੂਨ:

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ, ਪੰਜਾਬ ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਲਈ ਢੁਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਚੈਕਿੰਗ ਲੁੱਟ-ਖੋਹ ਦੀ ਵੱਧ ਸੰਭਾਵਨਾ ਵਾਲੀਆਂ ਥਾਵਾਂ ਜਿਵੇਂ ਪੈਟਰੋਲ ਪੰਪਾਂ ਅਤੇ ਏ.ਟੀ.ਐਮਜ਼ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ , ਕਿਉਂ ਜੋ ਅਜਿਹੀਆਂ ਥਾਵਾਂ ਅਕਸਰ ਸਮਾਜ ਵਿਰੋਧੀ ਤੱਤਾਂ ਦੇ ਨਿਸ਼ਾਨੇ ਤੇ ਹੁੰਦੀਆਂ ਹਨ ਅਤੇ ਲੁੱਟ-ਖੋਹ ਦਾ ਖਤਰਾ ਬਣਿਆ ਰਹਿੰਦਾ ਹੈ।

ਉਨਾਂ ਕਿਹਾ ਕਿ ਅਜਿਹੀਆਂ ਸਾਰੀਆਂ ਇਕਾਈਆਂ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਰੇਕ ਪੁਲਿਸ ਥਾਣੇ ਵਿੱਚੋਂ ਇੱਕ ਟੀਮ ਤਾਇਨਾਤ ਕੀਤੀ ਗਈ ਸੀ। ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਕਿ ਸਾਰੇ ਏ.ਟੀ.ਐਮ ਅਤੇ ਪੈਟਰੋਲ ਪੰਪਾਂ ’ਤੇ  ਸੀਸੀਟੀਵੀ ਕੈਮਰੇ ਲੱਗੇ ਹੋਣ ਅਤੇ ਨਿਗਰਾਨੀ ਲਈ ਚੌਕੀਦਾਰ/ਸੁਰੱਖਿਆ ਗਾਰਡ ਤਾਇਨਾਤ ਹੋਵੇ।

ਉਕਤ ਕਾਰਵਾਈ ਦੌਰਾਨ ਘੱਟੋ-ਘੱਟ 471 ਪੁਲਿਸ ਟੀਮਾਂ, ਜਿਨ੍ਹਾਂ ਵਿੱਚ 3000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 2758 ਏਟੀਐਮ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ।

ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਾਹਸਾਨੀ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

[wpadcenter_ad id='4448' align='none']