ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦੁੱਖ ਦਾ ਪ੍ਰਗਟਾਵਾ

Chetan Singh Jauramajra

ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤੈਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆਉਂਦਿਆਂ ਉਸ ਸਮੇਂ ਵਾਹਨ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਸਾਹਨੇਵਾਲ ਨੇੜੇ ਜੀ.ਟੀ. ਰੋਡ ‘ਤੇ ਆਪਣੀ ਗੱਡੀ ਠੀਕ ਕਰ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਮ੍ਰਿਤਕ ਐਲਾਨ ਦਿੱਤਾ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਜੋਤ ਸਿੰਘ ਵਿਭਾਗ ਦਾ ਇੱਕ ਸਮਰਪਿਤ ਕਰਮਚਾਰੀ ਸੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਨਿੱਜੀ ਤੌਰ ‘ਤੇ ਪਰਿਵਾਰ ਨਾਲ ਖੜ੍ਹੇ ਹਨ।

ਪ੍ਰਭਜੋਤ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

————

[wpadcenter_ad id='4448' align='none']