ਚੰਡੀਗੜ੍ਹ, 13 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ।
ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੰਜਾਬੀ, ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਦੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ।