ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਅਤੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 23 ਅਗਸਤ 2024—

                ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।

                ਇਸ ਸਬੰਧੀ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਦੇ ਵੋਟਰਾਂ ਦੇ ਰਜਿਸਟਰੇਸ਼ਨ ਦੀ ਆਖਿਰੀ ਮਿਤੀ 15 ਸਤੰਬਰ 2024 ਹੈ। ਉਨਾਂ ਕਿਹਾ ਕਿ ਇਸ ਮਿਤੀ ਤੋਂ ਪਹਿਲਾਂ ਪਹਿਲਾਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰ ਰਹੇ ਹਨ। ਉਨਾਂ ਦੱਸਿਆ ਕਿ ਹਰੇਕ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਪੈਸ਼ਲ ਕੈਂਪ ਲਗਾ ਕੇ ਵੋਟ ਬਣਾਉਣ ਸਬੰਧੀ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ।

                ਜਿਲ੍ਹੇ ਅੰਦਰ ਚਲ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਗੱਲ ਕਰਦਿਆਂ ਸ੍ਰੀ ਥੋਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਜਮੀਨ ਅਕਵਾਈਰ ਕੀਤੀ ਗਈ ਹੈ ਉਨਾਂ ਨੁੰ ਸਮੇਂ ਸਿਰ ਅਵਾਰਡ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਕੁੱਝ ਜਗ੍ਹਾ ਤੇ ਅਵਾਰਡ ਦੇਣ ਦੀ ਮੁਸ਼ਕਿਲ ਪੇਸ਼ ਆਈ ਸੀ ਪਰ ਉਸਨੂੰ ਵੀ ਕਾਫ਼ੀ ਹਦ ਤੱਕ ਹੱਲ ਕਰ ਲਿਆ ਗਿਆ ਹੈ ਅਤੇ ਅਵਾਰਡਾਂ ਦੀ ਰਾਸ਼ੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਯਕੀਨ ਦਿਵਾਇਆ ਕਿ ਜਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

                ਇਸ ਮੌਕੇ ਐਸ.ਡੀ.ਐਮ. ਅਜਨਾਲ ਸ: ਅਰਵਿੰਦਰਪਾਲ ਸਿੰਘ, ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ. ਅੰਮ੍ਰਿਤਸਰ 2 ਸ੍ਰੀ ਲਾਲ ਵਿਸ਼ਵਾਸ਼, ਚੋਣ ਤਹਿਸੀਲਦਾਰ ਸ: ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

[wpadcenter_ad id='4448' align='none']