ਮੁੱਖ ਮੰਤਰੀ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਵੇਂ ਤਜਰਬੇ ਕਰਨ ਦਾ ਦਿੱਤਾ ਸੱਦਾ
* ਕਿਸਾਨਾਂ ਦੀ ਹਰ ਸਮੱਸਿਆ ਨੂੰ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ
* ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਪ੍ਰੇਰਦਿਆਂ ਕੋਈ ਨੁਕਸਾਨ ਨਾ ਹੋਣ ਦੇਣ ਦਾ ਦਿੱਤਾ ਭਰੋਸਾ
* ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਪਿੰਡਾਂ ਵਿੱਚ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਕਿਹਾ
ਲੁਧਿਆਣਾ, 12 ਫਰਵਰੀ
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਤਜਰਬੇ ਕਰਨ ਦੀ ਵਕਾਲਤ ਕੀਤੀ।
‘ਸਰਕਾਰ-ਕਿਸਾਨ ਮਿਲਣੀ’ ਦੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ, ਜਿਸ ਨੂੰ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਅਤੇ ਮੁਨਾਫ਼ਾ ਘਟਣ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੱਜ ਫੈਸਲਾਕੁਨ ਮੋੜ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਇੱਕੋ-ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਾਰੇ ਭਾਈਵਾਲ਼ਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਮੁਹੱਈਆ ਕਰਵਾਉਣ ਦੇ ਮਾਮਲੇ ਨੂੰ ਭਾਰਤ ਸਰਕਾਰ ਕੋਲ ਪਹਿਲਾਂ ਹੀ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਦੂਜੇ ਪਾਸੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ‘ਤੇ ਵੀ ਵੱਡਾ ਜ਼ੋਰ ਦੇ ਰਹੀ ਹੈ ਅਤੇ ਸੂਬੇ ‘ਚ ਜਲਦੀ ਹੀ ਗੰਨੇ, ਲੀਚੀ, ਲਸਣ, ਕਿੰਨੂ ਅਤੇ ਹੋਰ ਫਲਾਂ ਦੇ ਪ੍ਰਾਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪੈਦਾਵਾਰ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੂਬੇ ਭਰ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਉਨ੍ਹਾਂ ਨੂੰ ਬਾਸਮਤੀ ਦੀ ਕਾਸ਼ਤ ਵਿੱਚ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਾਸਮਤੀ ‘ਤੇ ਮਿੱਥੀ ਕੀਮਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਵਿੱਚ ਸਿੰਜਾਈ ਨੈੱਟਵਰਕ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਵਾਲੇ ਪਿੰਡਾਂ ਤੱਕ ਵੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪੱਖੀ ਇਕ ਵੱਡੀ ਪਹਿਲਕਦਮੀ ਤਹਿਤ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਕੋਈ ਵੀ ਬਿਜਲੀ ਕੱਟ ਨਹੀਂ ਲਾਇਆ ਗਿਆ, ਜਿਸ ਕਾਰਨ ਕਿਸਾਨਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਹੁਣ ਵਾਧੂ ਕੋਲਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਲਈ ਸਹਿਮਤੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰ ਰਹੀ ਹੈ ਅਤੇ ਹਰ ਖੇਤਰ ਵਿੱਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 9000 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਤ ਖਣਨ ਵਿੱਚ ਪਾਰਦਰਸ਼ਤਾ ਲਿਆ ਕੇ ਰੇਤ ਮਾਫੀਆ ਦਾ ਲੱਕ ਤੋੜ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰੇਤ ਦੀ ਕੀਮਤ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੇਤ ਮਾਫੀਆ ਨੇ ਪਿਛਲੀਆਂ ਸਰਕਾਰਾਂ ਦੌਰਾਨ ਪੈਰ ਪਸਾਰੇ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਹੋ ਸਕੇਗਾ।
ਮੁੱਖ ਮੰਤਰੀ ਨੇ ਪੰਜਾਬ ਨੂੰ ‘ਨਸ਼ਾ ਮੁਕਤ ਸੂਬਾ’ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੇ ਨਾਲ-ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਖੇਤਰੀ ਦੌਰੇ ਵਿਸ਼ੇਸ਼ ਤੌਰ ਉੱਤੇ ਪਿੰਡਾਂ ਦੇ ਵੱਧ ਤੋਂ ਵੱਧ ਦੌਰੇ ਕਰਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਈ ਇਸ ਪਹਿਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ 15 ਹਜ਼ਾਰ ਦੇ ਕਰੀਬ ਕਿਸਾਨਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ।
ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਦੇਬੀ ਮਖੂਸਪੁਰੀ ਅਤੇ ਰਾਜ ਤਿਵਾੜੀ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਲਾਲ ਚੰਦ ਕਟਾਰੂਚੱਕ, ਬ੍ਰਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਇੰਦਰਬੀਰ ਸਿੰਘ ਨਿੱਜਰ ਅਤੇ ਹਰਭਜਨ ਸਿੰਘ ਈ.ਟੀ.ਓ., ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
—————