ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

CM ORDERS SPECIAL GIRDAWARI
CM ORDERS SPECIAL GIRDAWARI

ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Also Read : ਚੰਡੀਗੜ੍ਹ ਦੇ 41 ਸ਼ਰਾਬ ਦੇ ਠੇਕਿਆਂ ‘ਤੇ ਕੋਈ ਲੈਣ ਵਾਲਾ ਨਹੀਂ, ਰਾਖਵੀਂ ਕੀਮਤ 3-5% ਘਟੀ

[wpadcenter_ad id='4448' align='none']