ਅੰਮਿ੍ਰਤਸਰ, 2 ਜੁਲਾਈ 2024:
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਵਿੱਚ 2 ਕੈਂਪ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੀ ਹਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਅਟਾਰੀ ਵਿਖੇ ਲੱਗੇ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਦਾ ਨਿਰੀਖਣ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੌਕੇ ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾਣ। ਉਨਾਂ ਦੱਸਿਆ ਕਿ ਲੋਕ 1076 ਨੰਬਰ ਤੇ ਡਾਇਲ ਕਰ ਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਅਟਾਰੀ ਪਿੰਡ ਦੇ ਕਲਸਟਰ ਵਿੱਚ ਅਟਾਰੀ, ਕਾਉਂਕੇ, ਢਾਂਡੇ, ਮੋਦੇ, ਧਨੋਆ ਕਲਾਂ, ਧਨੋਆ ਖੁਰਦ, ਰੋੜਾਵਾਲਾ ਖੁਰਦ, ਰੋੜਾਵਾਲਾ ਕਲਾਂ, ਕਾਹਣਗੜ, ਹਰਦੋਰਤਨ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਨ ਮਿਲਣੀ ਕੈਂਪਾਂ ਵਿੱਚ ਪ੍ਰਾਪਤ ਹੋਏ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।
ਕੈਂਪ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸ੍ਰੀ ਥੋਰੀ ਨੇ ਦੱਸਿਆ ਕਿ ਸ਼ਿਕਾਇਤ ਨਿਵਾਰਨ ਮਿਲਣੀ ਕੈਂਪ ਵਿੱਚ ਕੁੱਲ 151 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨਾਂ ਵਿਚੋਂ 144 ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ 7 ਰਹਿੰਦੀਆਂ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਪੀ.ਐਸ.ਪੀ.ਸੀ.ਐਲ, ਪੈਨਸ਼ਨ, ਸਿਹਤ ਵਿਭਾਗ, ਖੁਰਾਕ ਸਪਲਾਈ ਨਾਲ ਸਬੰਧਤ ਵਿਭਾਗਾਂ ਨਾਲ ਦਰਪੇਸ਼ ਆਉਂਦੀਆਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲਾ ਕੈਂਪ 4 ਜੁਲਾਈ ਨੂੰ ਕਮਿਊਨਿਟੀ ਹਾਲ ਨਿਊ ਅੰਮ੍ਰਿਤਸਰ ਵਿਖੇ ਲੱਗੇਗਾ, ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇਗਾ ਅਤੇ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਕੈਂਪ ਵਿੱਚ ਮੈਡਮ ਸੋਨਮ ਆਈ ਏ ਐਸ, ਐਸ.ਡੀ.ਐਮ. ਲਾਲ ਵਿਸ਼ਵਾਸ਼ , ਤਹਿਸੀਲਦਾਰ ਜਗਸ਼ੀਰ ਸਿੰਘ ਅਤੇ ਅਮਰਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ ਸ: ਬਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਤਜਿੰਦਰ ਸਿੰਘ ਹੁੰਦਲ, ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸ਼ਾਖਾ ਤੇ ਤਕਨੀਕੀ ਕੁਆਰਡੀਨੇਟਰ ਸ: ਪ੍ਰਿੰਸ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।