ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ- ਜ਼ਿਲ੍ਹਾ ਮੈਜਿਸਟ੍ਰੇਟ 

ਫ਼ਰੀਦਕੋਟ 01 ਮਈ,2024

  ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ, ਫਰੀਦਕੋਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ।

 ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਪਸੀ ਭਾਈਚਾਰੇ ਅਤੇ ਮਿਲਵਰਤਣ ਨੂੰ ਕਾਇਮ ਰੱਖਣਾ ਜਰੂਰੀ ਹੈ। ਇਸ ਲਈ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹਥਿਆਰਾਂ ਦਾ ਸਸਤੀ ਸ਼ੋਹਰਤ ਲਈ ਵਿਖਾਵਾ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਤੇ ਵੀਡਿਓ ਅਪਲੋਡ ਕਰਨ ਜਾਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡੀਓਜ਼ ਪਾਉਣ ਅਤੇ ਹੋਰ ਕਿਸੇ ਵੀ ਤਰੀਕੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। 

ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ। 

ਇਹ ਹੁਕਮ 28-06-2024 ਤੱਕ ਲਾਗੂ ਰਹਿਣਗੇ।

[wpadcenter_ad id='4448' align='none']