ਮਾਨਸਾ, 27 ਫਰਵਰੀ:
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ।
ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਲਈ ਹੈਲਪ-ਲਾਈਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਵੀਪ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੀ ਵੀ ਪ੍ਰੇਰਨਾ ਦਿੱਤੀ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚੱਜੇ ਅਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲਗਾਏ ਗਏ ਨੋਡਲ ਅਧਿਕਾਰੀਆਂ ਨੂੰ ਈ.ਵੀ.ਐਮ. ਮੈਨੇਜ਼ਮੈਂਟ, ਟਰਾਂਸਪੋਰਟ ਮੈਨੇਜ਼ਮੈਂਟ, ਮਟੀਰੀਅਲ ਮੈਨੇਜ਼ਮੈਂਟ, ਆਦਰਸ਼ ਚੋਣ ਜ਼ਾਬਤਾ, ਸ਼ਿਕਾਇਤ ਸੈੱਲ, ਖਰਚਾ ਸੈੱਲ, ਕਾਨੂੰਨ ਅਤੇ ਵਿਵਸਥਾ, ਬੈਲਟ ਪੇਪਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਸਵੀਪ ਆਦਿ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ
Date: