ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ : ਡਿਪਟੀ ਕਮਿਸ਼ਨਰ

ਬਠਿੰਡਾ, 11 ਨਵੰਬਰ : ਜ਼ਿਲ੍ਹੇ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਦਾ ਭੰਡਾਰਨ ਨਾ ਕਰੇ ਅਤੇ ਕਿਸਾਨਾਂ ਨੂੰ ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕਰਨ ਲਈ ਅਚਨਚੇਤ ਦੌਰੇ ਜਾਰੀ ਰੱਖਣਗੇ ਅਤੇ ਸਮੂਹ ਐਸ.ਡੀ.ਐਮਜ਼ ਵੀ ਆਪਣੀ ਸਬ ਡਵੀਜ਼ਨ ਅੰਦਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰਦੇ ਰਹਿਣਗੇ । ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਖਾਦ ਵਿਕਰੇਤਾ ਵੱਲੋਂ ਖਾਦ ਦੀ ਜਮ੍ਹਾਖੋਰੀ ਜਾ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ, ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਕਿਸਾਨਾਂ ਨੂੰ ਮੀਟਿੰਗਾਂ/ਸੈਮੀਨਾਰ/ਕੈਂਪ/ਸੋਸ਼ਲ ਮੀਡੀਆ ਆਦਿ ਰਾਹੀਂ ਡੀ.ਏ.ਪੀ. ਦੇ ਬਦਲਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਬਦਲਵੇਂ ਸਰੋਤਾਂ ਦੀ ਵਰਤੋਂ ਵੀ ਕਰ ਸਕਣ।

       ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ’ਤੇ ਸ਼ਿਕਾਇਤ ਸਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੀਜ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਵੇਚਣ ਸਮੇਂ ਕੋਈ ਹੋਰ ਬੇਲੋੜੀਆਂ ਵਸਤਾਂ ਵੀ ਕਿਸਾਨਾਂ ਨੂੰ ਨਾ ਦੇਣ। ਉਹਨਾਂ ਸਪੱਸ਼ਟ ਕੀਤਾ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਜਾਂ ਹੋਰ ਕੋਈ ਧਿਰ ਬਖਸ਼ੀ ਨਹੀਂ ਜਾਵੇਗੀ। ਦੋਸ਼ੀ ਧਿਰਾਂ ਨੂੰ ਮਿਸਾਲੀ ਸਜ਼ਾ ਅਤੇ ਜੁਰਮਾਨਾ ਕਰਵਾਇਆ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ 98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।