ਲੁਧਿਆਣਾ, 5 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ‘ਗਰੀਨ ਵਾਰੀਅਰਜ਼’ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨਾਲ ਮਿਲ ਕੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਤਲੁਜ ਕਲੱਬ ਵਿੱਚ ਬੂਟੇ ਲਗਾਏ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਤਨਦੇਹੀ ਨਾਲ ਉਪਰਾਲੇ ਕਰਨਾ ਸਾਰਿਆਂ ਦਾ ਫਰਜ਼ ਬਣਦਾ ਹੈ ਅਤੇ ਕਿਹਾ ਕਿ ਨੌਜਵਾਨ ਇਸ ਸਮੁੱਚੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਕੇ ਅਜਿਹੇ ਅਭਿਆਨ ਨੂੰ ਇੱਕ ਜਨ ਅੰਦੋਲਨ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਨੂੰ ਹਰੇਕ ਵਿਅਕਤੀ ਦੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਦਾ ਸੁਨੇਹਾ ਜ਼ਰੂਰ ਦੇਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਸਕੇ।