ਮੋਗਾ, 26 ਦਸੰਬਰ –
ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਸ੍ਰ ਕੁਲਵੰਤ ਸਿੰਘ ਨੇ ਇਸਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਸ੍ਰ ਚਿਰਿੰਜੀਵ ਸਿੰਘ, ਡੀ.ਡੀ.ਐਮ. ਨਾਬਾਰਡ ਰਸ਼ੀਦ ਲੇਖੀ ਤੋਂ ਇਲਾਵਾ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਸ੍ਰ ਕੁਲਵੰਤ ਸਿੰਘ ਨੇ ਇਸਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਆਰਸੇਟੀ ਵਿੱਚ ਆਉਣ ਵਾਲੇ ਸਿਖਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਵੈ ਰੋਜ਼ਗਾਰ ਅਪਣਾ ਕੇ ਆਪਣੇ ਪੈਰਾਂ ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕਰਨ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਉਹ ਆਪਣੇ ਅਪਨਾਉਣ ਵਾਲੇ ਕੰਮ ਧੰਦੇ ਬਾਰੇ ਭਵਿੱਖ ਦੀ ਯੋਜਨਾ ਤਿਆਰ ਕਰਕੇ ਦ੍ਰਿੜ ਇਰਾਦੇ ਨਾਲ ਉਸ ਟੀਚੇ ਦੀ ਪ੍ਰਾਪਤੀ ਲਈ ਯਤਨ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਰਸੇਟੀ ਅਧੀਨ ਕਰਵਾਏ ਜਾਣ ਵਾਲੇ ਕੋਰਸਾਂ ਵਿੱਚ ਬੇਕਰੀ ਅਤੇ ਭਵਿੱਖ ਦੀਆਂ ਨਵੀਆਂ ਤਕਨੀਕਾਂ ਤੇ ਆਧਾਰਿਤ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਇਸ ਸਿਖਲਾਈ ਦੇ ਆਧਾਰ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਇਸਦੀ ਪ੍ਰਫੁੱਲਤਾ ਦੇ ਰਾਹ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਇੰਡਸਟਰੀਜ਼ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਮੰਗ ਅਨੁਸਾਰ ਸਿਖਿਆਰਥੀਆਂ ਨੂੰ ਟ੍ਰੇਨਿੰਗ ਦੇਣ ਦੀ ਹਦਾਇਤ ਵੀ ਕੀਤੀ ਤਾਂ ਕਿ ਸਿਖਿਆਰਥੀਆਂ ਨੂੰ ਛੇਤੀ ਤੋਂ ਛੇਤੀ ਰੋਜ਼ਗਾਰ ਦਿਵਾਇਆ ਜਾ ਸਕੇ।
ਮੀਟਿੰਗ ਵਿੱਚ ਹਾਜ਼ਰ ਆਰਸੇਟੀ ਡਾਇਰੈਕਟਰ ਗੌਰਵ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਕਹਿੰਦਿਆਂ ਦੱਸਿਆ ਕਿ 2009 ਤੋਂ ਸ਼ੁਰੂ ਹੋਈ ਇਸ ਸੰਸਥਾ ਵੱਲੋਂ ਹੁਣ ਤੱਕ ਵੱਖ ਵੱਖ ਸਿਖਲਾਈ ਕੋਰਸਾਂ ਵਿੱਚ ਹਜ਼ਾਰਾਂ ਸਿਖਿਆਰਥੀ ਸਿਲਾਈ ਕਢਾਈ, ਬਿਊਟੀ ਪਾਰਲਰ, ਡੇਅਰੀ ਫਾਰਮਿੰਗ, ਕੰਪਿਊਟਰ ਬੇਸਿਕ ਅਤੇ ਪਲੰਬਰ ਆਦਿ ਵੱਖ ਵੱਖ ਕੋਰਸਾਂ ਦੀ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਇਨ੍ਹਾਂ ਵਿੱਚੋ ਜਿਆਦਾਤਰ ਸਿਖਿਆਰਥੀ ਆਪਣਾ ਖੁਦ ਦਾ ਧੰਦਾ ਸ਼ੁਰੂ ਕਰਕੇ ਆਤਮ ਨਿਰਭਰ ਹੋਣ ਵਿੱਚ ਸਫ਼ਲ ਹੋਏ ਹਨ ਅਤੇ ਬਹੁਤ ਸਾਰੇ ਸਿਖਿਆਰਥੀਆਂ ਨੂੰ ਆਤਮ ਨਿਰਭਰ ਹੋਣ ਲਈ ਬੈਕਾਂ ਪਾਸੋ ਕਰਜ਼ਾ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਸ੍ਰ ਕੁਲਵੰਤ ਸਿੰਘ ਨੇ ਆਰਸੇਟੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਸਮੇਂ ਸਮੇਂ ਬਾਅਦ ਆਪਣੇ ਕੰਮ ਦਾ ਰੀਵਿਊ ਕੀਤਾ ਜਾਵੇ ਤਾਂ ਜੌ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਹੁਣ ਜਦ ਅਗਲੇ ਵਿੱਤੀ ਸਾਲ ਦਾ ਨਵਾਂ ਟੀਚਾ ਆਵੇ ਤਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਰਾਹੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਨੈਸ਼ਨਲ ਰੂਰਲ਼ ਲਾਇਵਲੀਹੁੱਡ ਮਿਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪ ਤਿਆਰ ਕੀਤੇ ਜਾਣ।
ਇਸ ਮੌਕੇ ਹਾਜ਼ਰ ਲੀਡ ਜ਼ਿਲ੍ਹਾ ਮੈਨੇਜਰ ਚਿਰਿੰਜੀਵ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਬੈਕਾਂ ਵੱਲੋ ਭਰੋਸਾ ਦਿਵਾਇਆ ਕਿ ਬੈਕਾਂ ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਕਰਜ਼ੇ ਮੁਹੱਈਆ ਕਰਵਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਤੋ ਪਹਿਲਾਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੌਰਾਨ ਤਿਮਾਹੀ ਰਿਪੋਰਟ ਪੇਸ਼ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਪੰਜਾਬ ਐਡ ਸਿੰਘ ਬੈਕ ਆਰਸੇਟੀ ਦੇ ਕੰਮ-ਕਾਜ ਦਾ ਨਿਰੀਖਣ ਕਰਦਿਆਂ ਵਿਸਥਾਰ ਵਿੱਚ ਮੈਂਬਰਾਂ ਪਾਸੋਂ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਆਰਸੇਟੀ ਮੋਗਾ ਨੇ ਕੀਤੀ ਸੰਸਥਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ
Date: