ਡਿਪਟੀ ਕਮਿਸ਼ਨਰ ਵੱਲੋਂ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ

ਲੁਧਿਆਣਾ, 18 ਜੂਨ (000) – ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਨੂੰ ਚੌੜਾ ਕਰਨ ਲਈ ਰਾਹ ਵਿੱਚ 31 ਮਕਾਨ ਆ ਰਹੇ ਹਨ। ਮੀਟਿੰਗ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸੁਝਾਅ ਦਿੱਤਾ ਗਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਗਿਆਸਪੁਰਾ ਅਤੇ ਢੰਡਾਰੀ ਖੇਤਰ ਵਿੱਚ ਉਨ੍ਹਾਂ 31 ਪਰਿਵਾਰਾਂ ਨੂੰ ਰਿਹਾਇਸ਼ੀ ਫਲੈਟ ਅਲਾਟ ਕੀਤੇ ਜਾਣ ਜਿਨ੍ਹਾਂ ਦੀ ਜ਼ਮੀਨ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਚੌੜੀ ਕਰਨ ਦੇ ਰਾਹ ਵਿੱਚ ਆ ਰਹੀ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਨਗਰ ਨਿਗਮ ਇਸ ਸਬੰਧੀ ਪੰਜਾਬ ਸਰਕਾਰ ਨੂੰ ਪ੍ਰਸਤਾਵ ਸੌਂਪੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੀਟਿੰਗ ਬਹੁਤ ਲਾਭਕਾਰੀ ਰਹੀ। ਉਨ੍ਹਾਂ ਕਿਹਾ ਕਿ ਵਿਧਾਇਕ ਛੀਨਾ ਵੱਲੋਂ ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ, ਲੁਧਿਆਣਾ (ਦੱਖਣੀ) ਹਲਕੇ ਅਧੀਨ ਪੈਂਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਝੁੱਗੀਆਂ-ਝੌਂਪੜੀਆਂ ਅਤੇ ਵੇਹੜਿਆਂ ਵਿੱਚ ਰਹਿ ਰਹੇ ਮਜ਼ਦੂਰਾਂ ਦਾ ਮੁੱਦਾ ਉਠਾਇਆ ਸੀ। ਇਹ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ਕਿ ਵੱਖ-ਵੱਖ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਉਦਯੋਗਿਕ ਇਕਾਈਆਂ ਦੀ ਭਾਈਵਾਲੀ ਨਾਲ ਈ.ਡਬਲਿਊ.ਐਸ. ਪਾਲਿਸੀ ਤਹਿਤ ਮਕਾਨ ਲਏ ਜਾ ਸਕਦੇ ਹਨ ਤਾਂ ਜੋ ਕਿਰਤੀਆਂ ਨੂੰ ਸਨਮਾਨ ਨਾਲ ਸਹੂਲਤਾਂ ਅਤੇ ਰਿਹਾਇਸ਼ ਪ੍ਰਦਾਨ ਕੀਤੀ ਜਾ ਸਕੇ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਹੀ ਸਾਰਥਕ ਢੰਗ ਨਾਲ ਹੋਈ ਅਤੇ ਉਨ੍ਹਾਂ ਦੇ ਹਲਕੇ ਵਿੱਚ ਰਹਿੰਦੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਵਧੀਆ ਨਾਗਰਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ।

[wpadcenter_ad id='4448' align='none']