ਲੁਧਿਆਣਾ, 13 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਲਈ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਮਿਸ਼ਨ ਮੋਡ ‘ਤੇ ਕੰਮ ਕਰਨ।
ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਵੱਲੋਂ 16 ਸਤੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਸਰਗਰਮੀ ਨਾਲ ਖੇਤਰ ਵਿੱਚ ਕੰਮ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਫਾਰਮਾਂ ਲਈ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਬੀ.ਐਲ.ਓ/ਪਟਵਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵਿਅਕਤੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਪਿੱਛੇ ਨਾ ਰਹਿ ਜਾਵੇ।
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਰਜਿਸਟ੍ਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਉਪਲਬਧ ਹਨ ਅਤੇ ਲੋਕਾਂ ਨੂੰ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਉਨ੍ਹਾਂ ਨੂੰ ਡਾਊਨਲੋਡ ਕਰਕੇ ਆਪਣੇ ਬੀ.ਐਲ.ਓ/ਪਟਵਾਰੀਆਂ ਕੋਲ ਜਮ੍ਹਾਂ ਕਰਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਅਧਿਕਾਰੀਆਂ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕੈਂਪਾਂ, ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ, ਏ.ਐਨ.ਐਮਜ਼, ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰਾਂ ਰਾਹੀਂ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ।
ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ 16 ਸਤੰਬਰ ਤੱਕ ਜਾਰੀ ਰਹੇਗੀ। 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀਆਂ ਤਿਆਰ ਅਤੇ ਛਾਪੀਆਂ ਜਾਣਗੀਆਂ। ਮੁਢਲੀ ਈ-ਰੋਲ 9 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਦਾਅਵੇ ਅਤੇ ਇਤਰਾਜ਼ 29 ਅਕਤੂਬਰ ਤੱਕ ਸਵੀਕਾਰ ਕੀਤੇ ਜਾਣਗੇ। ਅੰਤਿਮ ਵੋਟਰ ਸੂਚੀ 26 ਨਵੰਬਰ ਨੂੰ ਪ੍ਰਕਾਸ਼ਿਤ ਕਰਨ ਲਈ ਤਹਿ ਕੀਤੀ ਗਈ ਹੈ।