ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

ਲੁਧਿਆਣਾ, 27 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 3 ਤੋਂ 11 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ 11 ਅਕਤੂਬਰ ਤੋਂ 9 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਹੀ ਕੀਤੇ ਜਾਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਭਾਗੀਦਾਰਾਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਟੀਮਾਂ ਅਤੇ ਆਵਾਜਾਈ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਖਿਡਾਰੀ ਪੰਜਾਬ ਸਰਕਾਰ ਦੇ ਵਿਸ਼ੇਸ਼ ਪੋਰਟਲ eservices.punjab.gov.in ‘ਤੇ ਬਲਾਕ ਪੱਧਰੀ ਮੁਕਾਬਲਿਆਂ ਲਈ 28 ਅਗਸਤ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ 14 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਲੁਧਿਆਣਾ ਲਾਅਨ ਟੈਨਿਸ, ਅਥਲੈਟਿਕਸ, ਬੇਸਬਾਲ ਅਤੇ ਜੂਡੋ ਸਮੇਤ ਖੇਡਾਂ ਦੀ ਮੇਜ਼ਬਾਨੀ ਕਰੇਗਾ। ਪਿਛਲੀ ਵਾਰ ਖੇਡਾਂ ਵਿੱਚ ਲੁਧਿਆਣਾ ਜ਼ਿਲ੍ਹੇ ਨੇ ਦੂਜਾ ਸਥਾਨ ਹਾਸਲ ਕੀਤਾ ਸੀ।

ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਇਸ ਵਾਰ ਲੁਧਿਆਣਾ ਪਹਿਲਾ ਸਥਾਨ ਹਾਸਲ ਕਰੇਗਾ।

[wpadcenter_ad id='4448' align='none']