ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024:
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।
ਲੂੰ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂੰ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
ਮੀਟਿੰਗ ’ਚ ਮੌਜੂਦ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਲੂੰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।
ਗਰਮੀ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ’ਚ ਇਹ ਕਰਨ ਲਈ ਕਿਹਾ ਗਿਆ ਹੈ;
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ, (ਜਿਨ੍ਹਾਂ ਮਰੀਜ਼ਾਂ ਨੂੰ ਪਾਣੀ/ਤਰਲ ਦੀ ਸੀਮਤ ਵਰਤੋਂ ਲਈ ਕਿਹਾ ਗਿਆ ਹੈ, ਉਹ ਆਪਣੇ ਡਾਕਟਰ ਦੀ ਸਲਾਹ ਲੈਣ)। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।
ਇਹ ਨਾ ਕਰਨ ਲਈ ਕਿਹਾ ਗਿਆ ਹੈ;
ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।
ਡਿਪਟੀ ਕਮਿਸ਼ਨਰ ਨੇ ਮੀਟਿੰਗ ’ਚ ਹਾਜ਼ਰ ਐਮ ਸੀ ਮੋਹਾਲੀ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਇਨ੍ਹਾਂ ਸਾਵਧਾਨੀਆਂ ਬਾਰੇ ਆਮ ਲੋਕਾਂ ਨੂੰ ਸਥਾਨਕ ਸਰਕਾਰ ਸੰਸਥਾਂਵਾਂ ਰਾਹੀਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ’ਚ ਪੰਛੀਆਂ ਅਤੇ ਪਸ਼ੂਆਂ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੂੰ ਪ੍ਰਭਾਵਿਤ ਮਰੀਜ਼ਾਂ ਦੇ ਹਸਪਤਾਲ ’ਚ ਇਲਾਜ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ।
ਮੀਟਿੰਗ ’ਚ ਏ ਡੀ ਸੀ (ਜ) ਰਾਜੀਵ ਐਸ ਤਿੜਕੇ ਅਤੇ ਏ ਡੀ ਸੀ (ਵਿਕਾਸ) ਸੋਨਮ ਚੌਧਰੀ ਵੀ ਮੌਜੂਦ ਸਨ।