ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਮੋਗਾ, 11 ਸਤੰਬਰ (000) –
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੇ ਗਠਨ ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਵੱਲੋਂ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂ ਕਿ ਜ਼ਿਲ੍ਹਾ ਪੁਲਿਸ ਮੁਖੀ, ਵਧੀਕ ਡਿਪਟੀ ਕਮਿਸ਼ਨਰ (ਜ), ਜ਼ਿਲ੍ਹਾ ਅਟਾਰਨੀ, ਸਿਵਲ ਸਰਜਨ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ ਅਤੇ ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹਨ।
      ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ (24×7 ਸਿਹਤ ਸਹੂਲਤ ਵਜੋਂ ਕੰਮ ਕਰ ਰਹੇ) ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ। ਸਥਾਨਕ ਪੱਧਰ ‘ਤੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿੱਚ ਹਸਪਤਾਲ ਸੁਰੱਖਿਆ ਅਤੇ ਹਿੰਸਾ ਰੋਕਥਾਮ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਸਾਰੀਆਂ ਸਿਹਤ ਸਹੂਲਤਾਂ ‘ਤੇ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀ ਸੀ ਟੀ ਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰਕੇ ਹਨੇਰੇ ਕੋਨਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ। ਜੇਕਰ ਹੋਰ ਕੈਮਰਿਆਂ ਦੀ ਲੋੜ ਹੋਵੇਗੀ ਤਾਂ ਇਸ ਬਾਰੇ ਸਿਹਤ ਵਿਭਾਗ ਨੂੰ ਲਿਖਿਆ ਜਾਵੇਗਾ। ਇਸ ਤੋਂ ਇਲਾਵਾ ਇਹ ਫੈਸਲਾ ਕੀਤਾ ਗਿਆ ਹੈ ਕਿ ਜ਼ਿਆਦਾ ਚੱਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਆਈ ਪੀ ਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ ਇੱਕ ਵਿਅਕਤੀ ਨੂੰ ਆਈ ਪੀ ਡੀ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਅਤੇ ਬਾਕੀ ਵਿਅਕਤੀ ਆਈ ਪੀ ਡੀ ਖੇਤਰ ਦੇ ਬਾਹਰ ਉਡੀਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008’ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਸਾਰੀਆਂ ਸਿਹਤ ਸਹੂਲਤਾਂ ਚ ਐਕਟ ਦੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਇੱਕ ਡਿਸਪਲੇ ਬੋਰਡ ਲਗਾਇਆ ਜਾਵੇ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨਾਂ ਦੇ ਸੰਪਰਕ ਨੰਬਰ ਹੋਣ।
       ਉਨ੍ਹਾਂ ਅੱਗੇ ਕਿਹਾ ਕਿ ਰਾਤ ਦੀਆਂ ਡਿਊਟੀਆਂ ਦੌਰਾਨ ਹਸਪਤਾਲ ਦੇ ਵੱਖ-ਵੱਖ ਖੇਤਰਾਂ ਵਿੱਚ ਡਾਕਟਰਾਂ/ਨਰਸਾਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਜ਼ਿਆਦਾ ਚੱਲਣ ਵਾਲੇ ਸਾਰੇ ਹਸਪਤਾਲਾਂ ਵਿੱਚ ਨਿਯਮਤ ਸੁਰੱਖਿਆ ਗਸ਼ਤ ਕੀਤੀ ਜਾਵੇਗੀ। ਐਮਰਜੈਂਸੀ ਦੀ ਸਥਿਤੀ ਵਿੱਚ, ਹੈਲਥ ਕੇਅਰ ਸਟਾਫ ਨੂੰ ‘112′ ਹੈਲਪਲਾਈਨ ‘ਤੇ ਡਾਇਲ ਕਰਨਾ ਚਾਹੀਦਾ ਹੈ। ਕਿਸੇ ਵੀ ਸ਼ੱਕੀ ਵਿਅਕਤੀ ਦੀ ਆਵਾਜਾਈ ਨੂੰ ਰੋਕਣ ਲਈ ਹਸਪਤਾਲਾਂ ਦੇ ਸਾਰੇ ਸਟਾਫ਼ ਮੈਂਬਰਾਂ ਨੂੰ ਫੋਟੋ ਆਈ ਡੀ ਕਾਰਡ ਜਾਰੀ ਕੀਤੇ ਜਾਣਗੇ। ਹਰੇਕ ਸਟਾਫ ਨੂੰ ਕੰਮ ਦੇ ਸਮੇਂ ਦੌਰਾਨ ਲਾਜ਼ਮੀ ਤੌਰ ‘ਤੇ ਆਈਡੀ ਕਾਰਡ ਪਹਿਨਣਾ ਚਾਹੀਦਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਪਣੇ ਪੱਧਰ ਉੱਤੇ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੀ ਸੁਰੱਖਿਆ ਸਮੀਖਿਆ ਕਾਰਵਾਈ ਜਾ ਰਹੀ ਹੈ ਅਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਿਨ ਦੀ ਗਸ਼ਤ ਤੋਂ ਇਲਾਵਾ ਕੁਝ ਅਹਿਮ ਥਾਵਾਂ ‘ਤੇ ਰਾਤ ਦੀ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ। ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਖ਼ਤੀ ਵਰਤੀ ਜਾਵੇਗੀ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਹੈ।
      ਉਨ੍ਹਾਂ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਨੰਬਰ ਡਾਇਲ ਕਰਨ ਜਦੋਂ ਉਹ ਆਪਣੇ ਆਪ  ਨੂੰ ਖ਼ਤਰੇ ਵਿੱਚ ਮਹਿਸੂਸ ਕਰਨ।
      ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਸਪਤਾਲਾਂ ਅਤੇ ਹੋਰ ਸੰਸਥਾਵਾਂ ਜਿੱਥੇ ਮਹਿਲਾ ਸਟਾਫ਼ ਹੈ, ਵਿੱਚ ਜਿਨਸੀ ਸ਼ੋਸ਼ਣ ਸਬੰਧੀ ਅੰਦਰੂਨੀ ਕਮੇਟੀ ਦਾ ਗਠਨ ਕਰਕੇ ਮਹਿਲਾ ਸਟਾਫ਼ ਦੇ ਹਿੱਤਾਂ ਦੀ ਰਾਖੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੀਟਿੰਗ ਵਿੱਚ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।

[wpadcenter_ad id='4448' align='none']