ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਬਠਿੰਡਾ, 27 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਬਠਿੰਡਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।

       ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲਿਸ, ਆਰਟੀਏ/ਆਰਟੀਓ, ਸਿਹਤ, ਬੁਢਾਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਜਿਥੇ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ।

    ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ’ਚ ਕੰਮ ਲਈ ਆਉਣ ਵਾਲੇ ਜ਼ਿਲ੍ਹਾ ਵਾਸੀਆਂ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਪ ਮੰਡਲ ਪੱਧਰ ’ਤੇ ਹਰੇਕ ਵੀਰਵਾਰ ਕਿਸੇ ਇੱਕ ਪਿੰਡ ’ਚ ਸਪੈਸ਼ਲ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ, ਜਿਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ।

      ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਕੋਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦਾ ਰੀਵਿਊ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਹਾ ਦੇਣਾਂ ਵੀ ਯਕੀਨੀ ਬਣਾਇਆ ਜਾਵੇ।

      ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਜਾਂ ਲੀਕੇਜ਼ ਤੋਂ ਇਲਾਵਾ ਨਵਾਂ ਕੁਨੈਕਸ਼ਨ ਲੈਣ ਲਈ ਜਲ ਸਪਲਾਈ ਵਿਭਾਗ ਦੇ ਟੋਲ ਫਰੀ ਨੰਬਰ 18001802468 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਨਗਰ ਨਿਗਮ ਨਾਲ ਸਬੰਧਤ ਸੇਵਾਵਾਂ ਬਾਰੇ ਜਾਣਕਾਰੀ ਲੈਣੀ ਹੋਵੇ ਜਾਂ ਕੋਈ ਸ਼ਿਕਾਇਤ ਹੋਵੇ ਤਾਂ ਉਹ ਟੋਲ ਫਰੀ ਨੰਬਰ 18001802626 ’ਤੇ ਸੰਪਰਕ ਕਰ ਸਕਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਲਈ ਡੀਸੀ ਦਫ਼ਤਰ ਆਉਣ ਵਾਲੇ ਨਾਗਰਿਕ ਸ਼ਿਕਾਇਤਾਂ ਜਮ੍ਹਾਂ ਕਰਾਉਣ, ਆਪਣੀਆਂ ਬਕਾਇਆ ਅਰਜ਼ੀਆਂ ‘ਤੇ ਸਟੇਟਸ ਅੱਪਡੇਟ ਲੈਣ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲੈਣ ਲਈ ਸਹਾਇਤਾ ਕੇਂਦਰ ‘ਤੇ ਸੰਪਰਕ ਕਰ ਸਕਦੇ ਹਨ।

        ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਭਵਿੱਖ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਅਤੇ ਜ਼ਿਲ੍ਹਾ ਸਿਹਤ ਅਫਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']