ਗੁਰਦਾਸਪੁਰ, 08 ਜਨਵਰੀ ( ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐਕਸੀਅਨ ਮਾਈਨਿੰਗ ਸ. ਦਿਲਪ੍ਰੀਤ ਸਿੰਘ, ਐਕਸੀਅਨ ਜਲ ਸਪਲਾਈ ਵਿਭਾਗ ਸ੍ਰੀ ਕੰਵਰਜੀਤ ਰੱਤੜਾ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰ ਹਾਜ਼ਰ ਸਨ।
ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਵਿਰਸਾ ਕਲੰਡਰ-2025 ਨੂੰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਇਸ ਕਲੰਡਰ ਰਾਹੀਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਦਰਸਾਉਣ ਦਾ ਖ਼ੂਬਸੂਰਤ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਲੰਡਰ ਵਿੱਚ ਜ਼ਿਲ੍ਹੇ ਦੇ ਪ੍ਰਮੁੱਖ ਇਤਿਹਾਸਕ ਸਥਾਨਾਂ ਦੀਆਂ ਤਸਵੀਰਾਂ ਦੇ ਨਾਲ ਸੰਖੇਪ ਵਿੱਚ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ ਅਤੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਆਪਣੇ ਵਿਰਸੇ ਅਤੇ ਇਤਿਹਾਸ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਇਸ ਸਾਲ ਜ਼ਿਲ੍ਹੇ ਦੀ ਅਮੀਰ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਵਿਰਾਸਤ ਨੂੰ ਉਜ਼ਾਗਰ ਤੇ ਉਤਸ਼ਾਹਤ ਕਰਨ ਦੇ ਹੋਰ ਵੀ ਉਪਰਾਲੇ ਕੀਤੇ ਜਾਣਗੇ।