ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਐਸਐਮਓ ਡਾ. ਗਾਂਧੀ

ਫਾਜਿਲਕਾ, 20 ਮਈ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਸੀਐਚਸੀ ਖੂਈ ਖੇੜਾ ਵਿਖੇ ਸਮੂਹ ਆਸ਼ਾ ਵਰਕਰਾਂ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਜਾਣਕਾਰੀ ਦੇਣ ਲਈ ਬੈਠਕ ਕੀਤੀ ਗਈ।

ਇਸ ਮੌਕੇ ਡਾ ਗਾਂਧੀ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ। ਇਸ ਦੌਰਾਨ ਡਾ. ਗਾਂਧੀ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ।

ਇਸ ਮੌਕੇ ਬਲਾਕ ਮਾਸ ਮੀਡਿਆ ਇੰਚਾਰਜ ਸੁਸ਼ੀਲ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਦਿਨ ਪ੍ਰਤੀ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦੇ ਹੋਏ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਲੂਅ ਦੇ ਮਰੀਜਾਂ ਲਈ ਵੱਖਰੇ ਅਤੇ ਸਪੈਸ਼ਲ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

[wpadcenter_ad id='4448' align='none']