ਤਰਨ ਤਾਰਨ, 26 ਜਨਵਰੀ :
ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ । ਸਾਡੀ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।ਸਾਡੀ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਵਿੱਤੀ ਸਾਲ 2023-24 ਦੌਰਾਨ 3566 ਏਕੜ ਨਵਾਂ ਰਕਬਾ ਮੱਛੀ ਪਾਲਣ ਅਤੇ 1315 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ। ਰਾਜ ਵਿੱਚ ਕੁੱਲ 1 ਲੱਖ 80 ਹਜ਼ਾਰ ਟਨ ਤੋਂ ਵੱਧ ਮੱਛੀ ਅਤੇ 2,793 ਟਨ ਝੀਂਗੇ ਦਾ ਉਤਪਾਦਨ ਹੋਇਆ।ਮੱਛੀ ਦੇ ਮੰਡੀਕਰਨ ਲਈ ਸਹੂਲਤਾਂ ਵਿਕਸਤ ਕਰਨ ਵਾਸਤੇ ਜ਼ਿਲ੍ਹਾ ਪਟਿਆਲਾ ਵਿੱਚ ਇੱਕ ਨਵੀਂ ਸਰਕਾਰੀ ਰਿਟੇਲ ਮੱਛੀ ਮੰਡੀ ਸਥਾਪਤ ਕੀਤੀ ਗਈ ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਪਸ਼ੂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 54 ਕਲੈਰੀਕਲ ਅਤੇ ਹੋਰ ਪੋਸਟਾਂ ਦੀ ਭਰਤੀ ਕੀਤੀ ਗਈ।ਪਸ਼ੂ-ਪਾਲਣ ਵਿਭਾਗ ਵੱਲੋਂ ਛੇ ਵੈਟਰਨਰੀ ਪੌਲੀਕਲੀਨਿਕਾਂ (ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਤੇ ਪਟਿਆਲਾ) ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2024-25 ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਸੀ, ਜਿਸ ਤਹਿਤ ਕਿਸਾਨ ਸਮੂਹਾਂ ਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ।ਇਸ ਦੇ ਨਤੀਜੇ ਵਜੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2023 ਦੇ ਮੁਕਾਬਲੇ ਸਾਲ 2024 ਦੌਰਾਨ 70% ਕਮੀ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਤਰਨ ਤਾਰਨ ਜਿਲ੍ਹੇ ਵਿੱਚ ਸਾਲ 2024-25 ਦੌਰਾਨ ਕਿਸਾਨਾਂ ਨੂੰ 720 ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ।
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੰੁ ਵਧੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।ਤਰਨ ਤਾਰਨ ਜਿਲ੍ਹੇ ਵਿੱਚ 30 ਆਮ ਆਦਮੀ ਕਲੀਨਿਕ ਚੱਲ ਰਹੇ ਹਨ।
ਉਹਨਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।
ਸਾਡੀ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਮਹੀਨਾ ਜਨਵਰੀ, 2025 ਵਿੱਚ ਜਾਰੀ ਘਰੇਲੂ ਬਿੱਲਾਂ ਵਿੱਚ 2,20,143 ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਇਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ 11 ਨਾਮੀਂ ਖਿਡਾਰੀਆਂ ਨੂੰ ਪੀ. ਸੀ. ਐਸ. ਅਤੇ ਡੀ. ਐਸ. ਪੀ. ਦੀ ਨੌਕਰੀ ਦਿੱਤੀ ਗਈ ਹੈ। ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ 8 ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ-ਇਕ ਕਰੋੜ ਰੁਪਏ ਦੇ ਇਨਾਮ ਦਿੱਤੇ ਹਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 5 ਸਕੂਲ ਆਫ਼ ਐਮੀਨੈਂਸ ਚੱਲ ਰਹੇ ਹਨ ਅਤੇ 4 ਸਕੂਲ ਆਫ਼ ਹੈਪੀਨੈੱਸ ਨਵੇਂ ਬਣ ਰਹੇ ਹਨ। ਇਹਨਾਂ ਸਕੂਲਾਂ ਵਿੱਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਅਧਾਰ ਤੇ ਕੀਤਾ ਜਾਂਦਾ ਹੈ। ਇਹਨਾਂ ਸਕੂਲਾਂ ਵਿੱਚ ਜੇ. ਈ. ਈ. ਐਂਡ ਐਨ. ਈ. ਈ. ਟੀ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ।
ਉਹਨਾਂ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਕਰੀਟੀਕਲ ਕੇਅਰ ਬਲਾਕ ਦੀ ਇਮਾਰਤ 12.08 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ ਅਤੇ ਇਹ ਕੰਮ 15 ਅਗਸਤ, 2025 ਤੱਕ ਮੁਕੰਮਲ ਹੋ ਜਾਵੇਗਾ ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ।ਇਸ ਮੌਕੇ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਹਨਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ।ਇਸ ਦੌਰਾਨ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਭਿਮਨਿਊ ਰਾਣਾ ਵੱਲੋਂ ਕੈਬਨਿਟ ਮੰਤਰੀ ਨੂੰ ਵਿਸ਼ੇਸ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਿਤੀ 27 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਜੁਡੀਸ਼ੀਅਲ, ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ‘ਚ ਪਤਵੰਤੇ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
Date: