ਲੁਧਿਆਣਾ/ ਚੰਡੀਗੜ੍ਹ, 24 ਮਈ-
ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ।
ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ ‘ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।
ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ।
ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ।
ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।