ਫ਼ਿਰੋਜ਼ਪੁਰ, 14 ਸਤੰਬਰ:
ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਅਫਸਰਾਂ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਹੜਤਾਲ ਕੀਤੀ ਜਾ ਰਹੀ ਹੈ ਪਰ ਹੜਤਾਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਐਮਰਜਂਸੀ ਸੇਵਾਵਾਂ ਲਈ ਆ ਰਹੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜ਼ਿਲੇ ਦੀਆਂ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਐਮਰਜੈਂਸੀ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਡਾਕਟਰਾਂ ਵੱਲੋਂ ਐਮਰਜੈਂਸੀ ਵਿੱਚ ਆ ਰਹੇ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮਰਜੈਂਸੀ ਦੇ ਵਿੱਚ ਮੈਡੀਕਲ ਅਫਸਰਾਂ ਦੇ ਨਾਲ ਨਾਲ ਸਪੈਸ਼ਲੀਸਟ ਡਾਕਟਰਾਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸਿਵਲ ਹਸਪਤਾਲ ਫਿਰੋਜ਼ਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਿਖਿਲ ਗੁੱਪਤਾ ਨੇ ਦੱਸਿਆ ਕਿ ਸਿਵਲ ਹਸਪਤਾਲ ਆਉਣ ਵਾਲੇ ਮਰੀਜ਼ ਨੂੰ ਐਮਰਜੈਂਸੀ ਵਾਰਡ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਨੈਸ਼ਨਲ ਹੈਲਥ ਮਿਸ਼ਨ ਹੇਠ ਕੰਮ ਕਰ ਰਹੇ ਮੈਡੀਕਲ ਅਫ਼ਸਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉੱਚ ਅਧਿਕਾਰੀਆਂ ਨਾਲ਼ ਹੋਈ ਸੁਖਾਵੀਂ ਮੀਟਿੰਗ ਤੋਂ ਬਾਅਦ ਅੱਜ ਤੋਂ ਹੀ ਅੱਧੇ ਦਿਨ ਦੀ 11 ਵਜੇ ਤੋਂ ਓ ਪੀ ਡੀ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮਰੀਜ਼ਾਂ ਦੀ ਸੇਵਾ ਦੇ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਿਹਤ ਸੇਵਾਵਾਂ ਹਮੇਸ਼ਾਂ ਚੱਲਦੀਆਂ ਰਹਿਣਗੀਆਂ।