ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ


ਐੱਸ ਏ ਐੱਸ ਨਗਰ, 6 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।
      ਇਸ ਕੈਂਪ ਵਿਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਰਾਲੀ ਨੂੰ ਨਾ ਸਾੜ ਕੇ ਸਗੋ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਚੁਕਾਈ ਗਈ, ਤਾਂ ਜੋ ਵਾਤਾਵਰਨ ਸਾਫ-ਸੁਥਰਾ ਰਹੇ।
     ਉਨ੍ਹਾਂ ਨੇ ਇਸ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ।
    ਵਿਧਾਇਕ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।
     ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
      ਇਸ ਮੌਕੇ ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ, ਬੀ ਡੀ ਪੀ ਓ ਸਤਵੰਤ ਸਿੰਘ ਰੰਧਾਵਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ।

[wpadcenter_ad id='4448' align='none']