Thursday, January 9, 2025

ਕਿਸਾਨ ਸਿਖਲਾਈ ਕੈਂਪ ਆਯੋਜਿਤ

Date:

ਬਠਿੰਡਾ, 22 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਤੇ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਦੇ ਪਿੰਡ ਮਹਿਮਾ ਭਗਵਾਨਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਡਾ ਸਰਬਜੀਤ ਸਿੰਘ ਨੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਨਰਮੇ ਦੀਆਂ ਪੁਰਾਣੀਆਂ ਛਿਟੀਆਂ ਨੂੰ ਖੇਤਾਂ ਦੇ ਕਿਨਾਰੇ ਨਹੀਂ ਰੱਖਣਾ ਚਾਹੀਦਾ ਤੇ ਛਿਟੀਆਂ ਝਾੜ ਕੇ ਦੁਬਾਰਾ ਢੇਰ ਲਗਾ ਕੇ, ਛਿਟੀਆਂ ਦੀ ਰਹਿੰਦ-ਖੂਹੰਦ ਨੂੰ ਨਸ਼ਟ ਕਰ ਦਿੱਤਾ ਜਾਵੇ। ਉਨ੍ਹਾਂ ਆਉਂਦੇ ਸਮੇਂ ਵਿੱਚ ਝੋਨੇ ਹੇਠਾਂ ਰਕਬਾ ਘਟਾ ਕੇ ਨਰਮਾ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਹਰਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀ ਸਾਹਿਤ ਤੇ ਖੇਤੀਬਾੜੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਬੀਜ ਆਪਣੇ ਪੱਧਰ ’ਤੇ ਆਪਣੇ ਖੇਤ ਵਿੱਚ ਹੀ ਤਿਆਰ ਕਰਨ ਲਈ ਪ੍ਰਰਿਆ ਤਾਂ ਜੋ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਬੀਜ ਬਜ਼ਾਰ ਵਿੱਚੋ ਨਾ ਖਰੀਦਣਾ ਪਵੇ।

ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਇਸ ਨੂੰ ਖੇਤ ਵਿੱਚ ਵਹਾਈ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਖੇਤੀਬਾੜੀ ਸਬ ਇੰਸਪੈਕਟਰ ਗੁਰਮੀਤ ਸਿੰਘ, ਸਵਰਨਜੀਤ ਸਿੰਘ ਤੇ ਪਿੰਡਾਂ ਦੇ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related