ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੇ 13.0.45 ਦੀ ਸਪਰੇਅ ਚਾਰ ਵਾਰ ਹਫਤੇ-ਹਫਤੇ ਦੇ ਵਕਫੇ ਤੇ ਕਰਨ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਤੇ ਫੁੱਲ ਡੋਡੀ ਡਿੱਗਣ ਦੀ ਸਮੱਸਿਆ ਵੀ ਘੱਟ ਆਉਂਦੀ ਹੈ।
ਖੇਤੀਬਾੜੀ ਵਿਕਾਸ ਅਫਸਰ ਡਾ. ਹਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਵਾਧੂ ਖੇਤੀ ਖਰਚੇ ਘਟਾਉਣ, ਜ਼ਹਿਰਾਂ ਦੀ ਘੱਟ ਵਰਤੋ ਕਰਨ, ਫ਼ਸਲਾਂ ਦੇ ਸਰਵੇਖਣ ਅਤੇ ਘਰੇਲੂ ਬਗੀਚੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਪ੍ਰਾਪਤ ਕਰਨ ਲਈ ਕੰਪਿਊਟਰ ਤੇ ਫਾਰਮ ਭਰਨ ਬਾਰੇ ਵੀ ਦੱਸਿਆ। ਇਸ ਤੋਂ ਇਲਾਵ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਖੇਤੀ ਸਾਹਿਤ ਅਤੇ ਖੇਤੀਬਾੜੀ ਵਿਭਾਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਆਉਂਦੇ ਸਮੇਂ ਵਿੱਚ ਝੋਨੇ ਹੇਠਾਂ ਰਕਬਾ ਘਟਾ ਕੇ ਨਰਮਾ ਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਤ ਕੀਤਾ।
ਇਸ ਕੈਂਪ ਮੌਕੇ ਸ਼੍ਰੀ ਜਗਮੀਰ ਸਿੰਘ (ਏ ਟੀ ਐਮ), ਖੇਤੀਬਾੜੀ ਉੱਪ ਨਿਰੀਖਕ ਸ਼੍ਰੀ ਸਵਰਨਜੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ ਸ਼੍ਰੀ ਗੁਰਮੀਤ ਸਿੰਘ ਤੋਂ ਇਲਾਵਾ ਪਿੰਡ ਦੇ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।