ਐਸ.ਏ.ਐਸ.ਨਗਰ, 12 ਦਸੰਬਰ, 2023:
ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੋਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੋਹਾਲੀ ਤੋਂ ਰਵਾਨਾ ਕੀਤਾ ਗਿਆ। ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਿਅਕਤੀਗਤ ਕਿੱਟਾਂ ਕੰਬਲ, ਚਾਦਰ, ਸਿਰਹਾਣਾ, ਤੌਲੀਆ, ਛੱਤਰੀ, ਜਾਪ ਮਾਲਾ ਅਤੇ ਟਾਇਲਟਰੀ ਕਿੱਟਾਂ ਵੀ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰ ਸਕਣਗੇ।ਇਸ ਤੋਂ ਇਲਾਵਾ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ।
ਉਨ੍ਹਾਂ ਅੱਗੇ ਕਿਹਾ ਕਿ ਏ.ਸੀ. ਬੱਸਾਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣਗੀਆਂ ਅਤੇ ਰਹਿਣ-ਸਹਿਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਸ਼ਰਧਾਲੂ ਦੀ ਪੂਰੀ ਮੈਡੀਕਲ ਜਾਂਚ ਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹਰੇਕ ਹਲਕੇ ਵਿੱਚੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਰਵਾਨਾ ਹੋਣਗੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਲਈ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਦੂਜਾ ਜੱਥਾ ਡੇਰਾਬੱਸੀ ਹਲਕੇ ਦੇ ਗੁਰਦੁਆਰਾ ਨਾਭਾ ਸਾਹਿਬ, ਜ਼ੀਰਕਪੁਰ ਤੋਂ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਸਮਾਜ ਦੇ ਇੱਕ ਵੱਡੇ ਵਰਗ ਨੂੰ, ਜੋ ਕਿ ਕਿਸੇ ਕਾਰਨ ਕਰਕੇ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਨੂੰ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ‘ਤੇ ਲਿਆ ਜਾਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੀਰਥ ਯਾਤਰਾ ਰੂਟ ‘ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਪਹਿਲਾਂ ਹੀ ਅਲਰਟ ‘ਤੇ ਰੱਖਿਆ ਗਿਆ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਪਹਿਲਾ ਜੱਥਾ ਮੋਹਾਲੀ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਲਈ ਰਵਾਨਾ
Date: