ਮੋਗਾ, 25 ਮਈ (000) – ਪੋਲਿੰਗ ਸਟੇਸ਼ਨਾਂ ਉੱਤੇ ਆਮ ਲੋਕਾਂ ਅਤੇ ਪੋਲਿੰਗ ਪਾਰਟੀਆਂ ਨੂੰ ਮਲੇਰੀਆ, ਡੇਂਗੂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਪੋਲਿੰਗ ਸਟੇਸ਼ਨਾਂ ਅੰਦਰ ਜਿੱਥੇ ਫੌਗਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਉਥੇ ਹੀ ਲੋੜੀਂਦੀ ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ ਚੱਲ ਰਹੇ ਹਨ। ਉਹਨਾਂ ਫੌਗਿੰਗ ਦਾ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਕਰਨ ਲਈ ਹਲਕਾ ਬਾਘਾਪੁਰਾਣਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਸ੍ਰ ਹਰਕੰਵਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਦੀ ਭਰਵੀਂ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਅਤੇ ਚੋਣ ਅਮਲੇ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ ਤਾਂ ਜੋ ਇਸ ਵਾਰ ਪੋਲ ਫ਼ੀਸਦ 70 ਤੋਂ ਪਾਰ ਹੋ ਜਾਵੇ। ਪੋਲ ਫ਼ੀਸਦ ਵਧਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਚੋਣ ਅਮਲੇ ਅਤੇ ਵੋਟਰਾਂ ਦੀ ਸਿਹਤ ਦਾ ਵੀ ਖਿਆਲ ਰੱਖਿਆ ਜਾਵੇ।
ਉਹਨਾਂ ਕਿਹਾ ਕਿ ਹੁਣ ਡੇਂਗੂ ਅਤੇ ਮਲੇਰੀਆ ਦਾ ਮੌਸਮ ਚੱਲ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਬਕਾਇਦਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਜ਼ਰੂਰ ਕਰਵਾਉਣ। ਉਹਨਾਂ ਕਿਹਾ ਕਿ ਮਿਤੀ 31 ਮਈ ਨੂੰ ਜਦੋਂ ਪੋਲਿੰਗ ਪਾਰਟੀਆਂ ਰਵਾਨਾ ਹੋਣਗੀਆਂ ਤਾਂ ਉਹਨਾਂ ਨੂੰ ਕਿੱਟਾਂ ਵਿੱਚ ਮੱਛਰ ਮਾਰਨ ਵਾਲੀ ਦਵਾਈ ਵੀ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿਚ ਵੋਟ ਫ਼ੀਸਦ ਨੂੰ ਵਧਾਉਣ ਲਈ
ਲੋਕਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਹਰੇਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਉਹ ਸਾਰੇ ਪਰਿਵਾਰ ਸਹਿਤ ਆਪਣੀ ਵੋਟ ਦਾ ਇਸਤੇਮਾਲ ਕਰਨ। ਲੋਕਤੰਤਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਵਾਸੀ ਵੋਟ ਕਰਨ ਲਈ ਜ਼ਰੂਰ ਆਉਣ। ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ। ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰੋਂ ਲੈ ਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਸ਼ੁਰੂ, ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ
[wpadcenter_ad id='4448' align='none']