Sunday, January 19, 2025

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

Date:

ਅੰਮ੍ਰਿਤਸਰ/ ਅਟਾਰੀ, 10 ਫਰਵਰੀ 2024 (        )-ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ।  ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ  ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ   ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ।

               ਇਸ ਉਪਰੰਤ ਅਟਾਰੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਐਲਾਨ ਕੀਤਾ ਕਿ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਧਰਤੀ ਮਹਾਨ ਜਰਨੈਲ ਦੀ ਧਰਤੀ ਹੈ ਅਤੇ ਇਥੇ ਬਣੇ ਮਿਊਜ਼ਿਅਮ ਨੂੰ ਹੋਰ ਵੱਡਾ ਬਣਾਇਆ ਜਾਵੇਗਾ ਅਤੇ ਇਸ ਮਿਊਜ਼ਿਅਮ ਵਿੱਚ ਸਿੱਖ ਇਤਿਹਾਸ ਦੇ ਮਹਾਨ ਜਰਨੈਲਾਂ ਦੀਆਂ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਉਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਨਾਂ ਜਰਨੈਲਾਂ ਬਾਰੇ ਦੱਸੀਏ ਜਿਨਾਂ ਸਦਕਾਂ ਅਸੀਂ ਅੱਜ ਆਜ਼ਾਦੀ ਦਾ ਸਾਹ ਲੈ ਰਹੇ ਹਾਂ।

 ਸ: ਧਾਲੀਵਾਲ ਨੇ ਆਪਣੇ ਅਖਤਿਆਰੀ ਫੰਡਜ਼ ਵਿਚੋ ਪਿੰਡ  ਨੂੰ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ ਹੁੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਆਪਣੇ ਆਪ ਵਿਚ ਮਿਸਾਲ ਹੈ। ਸ. ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ।

               ਅਟਾਰੀ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਅਣਖ ਦੀ ਖਾਤਿਰ ਸ਼ਹਾਦਤ ਦਿੱਤੀ, ਜਿਸ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ। ਉਨ੍ਹਾਂ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ ਕੱਢ ਕੇ ਹੀ ਸਾਹ ਲਿਆ। ਉਨਾਂ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ।

               ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਇਸੇ ਦੌਰਾਨ ਢਾਡੀ ਜੱਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਾਈਆਂ।         

               ਅਟਾਰੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਸਿੰਘਾਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ: ਧਾਲੀਵਾਲ ਵੱਲੋਂ ਉਥੇ ਸਥਿਤ ਅਜਾਇਬ ਘਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।

               ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਹਰ ਸਾਲ ਇਸ ਦਿਹਾੜੇ ਨੂੰ ਰਾਜ ਪੱਧਰੀ ਤੌਰ ਤੇ ਮਨਾਵੇਗੀ।  

               ਇਸ ਮੌਕੇ ਅਟਾਰੀ ਵਾਲਾ ਪਰਿਵਾਰ ਦੇ ਮੈਂਬਰ ਸ: ਬਰਿੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀ੍ਰਤ ਸਿੰਘ  ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਕੈਪਟਨ ਗੁਰਮਿੰਦਰ ਸਿੰਘ, ਕੰਵਰ ਕਰਵਿੰਦਰਪਾਲ ਸਿੰਘ ਅਤੇ ਚੇਅਰਮੈਨ ਸ੍ਰੀ ਅਸੋਕ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਸ: ਅਰਵਿੰਦਰਪਾਲ ਸਿੰਘ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਸਟੇਜ਼ ਸਕੱਤਰ ਸ੍ਰੀ ਇੰਦਰਜੀਤ ਸਿੰਘ ਕਾਹਲੋਂ ਤੋਂ ਇਲਾਵਾ ਸਰਪੰਚ ਸ: ਮਨਜੀਤ ਸਿੰਘ, ਸ: ਪੂਰਨ ਸਿੰਘ ਸੰਧੂ ਰਣੀਕੇ, ਕੈਮੀ ਢਿਲੋਂ, ਸ੍ਰੀ ਵਿਕਰਮਜੀਤ ਸਿੰਘ ਵਿੱਕੀ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...