ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਜ਼ਿਲ੍ਹਾ ਚੋਣਾ ਅਫ਼ਸਰ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 20 ਨਵੰਬਰ :

                                                       ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ  6.00  ਵਜੇ ਤੱਕ  81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

                                                    ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫਸਰ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਹਰੀ ਕੇ ਕਲਾਂ, ਸੂਰੇਵਾਲਾ  ਅਤੇ ਕਾਉਣੀ  ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟਿੰਗ ਅਤੇ ਕਾਊਂਟਿੰਗ ਦੌਰਾਨ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

                                                   ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਿੰਗ ਦੌਰਾਨ ਕਤਾਰਾਂ ’ਚ ਲੱਗੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ।

                                                   ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ।

[wpadcenter_ad id='4448' align='none']