ਪਹਾੜਾਂ ‘ਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਪਾਣੀ ਭਰ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਪਿੰਡਾਂ ਨੂੰ ਸਰਕਾਰ ਵੱਲੋਂ ਖਾਲੀ ਕਰਵਾਇਆ ਗਿਆ ਹੈ।ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ 3 ਤੋਂ 4 ਦਿਨਾਂ ਵਿੱਚ ਤੇਜ਼ ਮੀਂਹ ਨਹੀਂ ਪਵੇਗਾ। ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਬੱਦਲ ਛਾਏ ਰਹਿਣਗੇ ਪਰ ਚੰਡੀਗੜ੍ਹ ਸਣੇ ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਜੋ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਉਸ ਦੇ ਨਾਲ ਨਜਿੱਠਣ ਦੇ ਲਈ ਲਗਾਤਾਰ ਮੌਸਮ ਵਿਭਾਗ ਅਤੇ ਵੱਖ-ਵੱਖ ਮਹਿਕਮਿਆਂ ਵਿਚਾਲੇ ਮੀਟਿੰਗਾਂ ਚੱਲ ਰਹੀਆਂ ਹਨ। ਜਿਸ ਵਿਚ ਕਿਸ ਤਰ੍ਹਾਂ ਦੀ ਸਾਵਧਾਨੀ ਵਰਤਣੀ ਹੈ ਇਸ ਬਾਰੇ ਚਰਚਾ ਕੀਤੀ ਜਾ ਰਹੀ ਹੈ। ਕਿਉਂਕਿ ਨੁਕਸਾਨ ਵਿਚਾਲੇ ਮਹਾਂਮਾਰੀ ਜਾਂ ਹੋਰ ਕਈ ਚੀਜ਼ਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਅਤੇ ਨਦੀਆਂ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧਣ ਦੇ ਕਾਰਨ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਰਕੇ ਲੋਕਾਂ ਦੀਆਂ ਪਰੇਸ਼ਾਨੀਆਂ ਵਧਦੀਆਂ ਹੀ ਜਾ ਰਹੀਆਂ ਹਨ। ਅਜਿਹੇ ਵਿੱਚ ਲੋਕਾਂ ਦੇ ਪਸ਼ੂਆਂ ਅਤੇ ਫਸਲਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ ਹੈ।