ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

ਅੰਮ੍ਰਿਤਸਰ 9 ਜੁਲਾਈ 2024—ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।

          ਇਸ ਸਬੰਧੀ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਭਰ ਵਿੱਚ ਝੌਨੇ ਦੀ ਫਸਲ ਦੀ ਬਿਜਾਈ ਲਈ ਖੇਤਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ ਨਾਲ ਕਿਸੇ ਵੀ ਖਪਤਕਾਰ ਵਰਗ ਤੇ ਕੋਈ ਕੱਟ ਨਹੀਂ ਲਗਾਏ ਗਏ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲੱਭਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਲਈ ਅਹਿਮ ਕਦਮ ਚੁੱਕੇ ਹਨ।

ਸ: ਈ.ਟੀ.ਓ ਨੇ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੇ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਕਿਹਾ ਕਿ ਅੱਜ 92 ਪ੍ਰਤੀਸ਼ਤ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ। ਜੋ ਗਰੀਬ ਅਤੇ ਮੱਧਵਰਗ ਦੇ ਲੋਕਾਂ ਲਈ ਆਰਥਿਕ ਤੋਰ ਤੇ ਚੰਗਾ ਫੈਸਲਾ ਹੈ।

ਸ: ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ, ਨਾਲ ਹੀ ਸੂਬੇ ਦੇ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਦੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

ਇਸ ਮੌਕੇ ਸ: ਈ.ਟੀ.ਓ ਵਲੋਂ ਜੰਡਿਆਲਾ ਗੁਰੂ ਵਿੱਖੇ ਸਥਿਤ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਬਿਜਲੀ ਸਬੰਧੀ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਹਦਾਇਤ ਕੀਤ ਕਿ ਇਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ।

[wpadcenter_ad id='4448' align='none']