ਮੌੜ (ਬਠਿੰਡਾ), 17 ਦਸੰਬਰ
ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇ ਸਫ਼ਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ‘ਵਿਕਾਸ ਰੈਲੀ’ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ 1125 ਕਰੋੜ ਰੁਪਏ ਦੇ ਪ੍ਰਾਜੈਕਟਾਂ ਰਾਹੀਂ ਬਠਿੰਡਾ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ।
ਆਪਣੀ ਤਕਰੀਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਰੈਲੀ ਨਹੀਂ ਸਗੋਂ ਵਿਕਾਸ ਤੇ ਤਰੱਕੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਵਾਲਾ ਸਮਾਗਮ ਹੈ ਜੋ ਸੂਬੇ ਦੇ ਕੋਨੇ-ਕੋਨੇ ਵਿੱਚ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਪੰਜਾਬ ਵਿੱਚ ਅਜਿਹੀਆਂ ਰੈਲੀਆਂ ਬੰਦ ਹੋ ਗਈਆਂ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਰੁਝਾਨ ਨੂੰ ਮੁੜ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ 25 ਸਾਲਾਂ ਦੌਰਾਨ ਸੂਬੇ ਵਿੱਚ ਸਿਰਫ਼ ਚਾਰ-ਪੰਜ ਲੋਕਾਂ ਦੀ ਸੱਤਾ ਰਹੀ ਹੈ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ, ਇੱਕ ਪਰਿਵਾਰ ਦੇ ਸਨ ਜਦੋਂ ਕਿ ਦੋ ਦੂਜੇ ਪਰਿਵਾਰ ਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਇਕ ਪਾਕਿਸਤਾਨੀ ਨਾਗਰਿਕ ਵੀ ਸੀ। ਉਨ੍ਹਾਂ ਦੁੱਖ ਨਾਲ ਕਿਹਾ ਕਿ ਪਾਕਿਸਤਾਨੀ ਨਾਗਰਿਕ ਅਤੇ ਦੋ ਪਰਿਵਾਰਾਂ ਦੇ ਇਨ੍ਹਾਂ ਚਾਰ ਹੋਰ ਜੀਆਂ ਨੇ ਸੂਬੇ ਦੀ ਦੌਲਤ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਵਿਚ ਖੜ੍ਹੋਤ ਆਈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਮੁੱਚੇ ਬਾਦਲ ਪਰਿਵਾਰ ਨੂੰ ਸਿਆਸੀ ਖੇਤਰ ਵਿੱਚੋਂ ਬਾਹਰ ਕਰ ਦਿੱਤਾ ਸੀ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਇਨ੍ਹਾਂ ਦੇ ਇਕਲੌਤੇ ਬਚੇ ਹੋਏ ਚਿਹਰੇ ਨੂੰ ਵੀ ਬਠਿੰਡਾ ਹਲਕੇ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਹੁਣ ਵੇਲਾ ਆ ਗਿਆ ਹੈ ਜਦੋਂ ਇਨ੍ਹਾਂ ਨੂੰ ਆਪਣੇ ਗੁਨਾਹਾਂ ਦਾ ਸਬਕ ਸਿਖਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਦੇ ਚੰਗੇ ਕੰਮਾਂ ਤੋਂ ਬਹੁਤ ਦੁਖੀ ਹਨ ਜਿਸ ਕਾਰਨ ਉਹ ਸਰਕਾਰ ਵਿਰੁੱਧ ਘਟੀਆ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਭੁਲੇਖਾ ਸੀ ਕਿ ਸਿਰਫ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਹੱਕ ਹੈ, ਜਿਸ ਕਾਰਨ ਇਨ੍ਹਾਂ ਨੂੰ ਇਕ ਸਧਾਰਨ ਘਰ ਦੇ ਮੁੱਖ ਮੰਤਰੀ ਵੱਲੋਂ ਚਲਾਏ ਜਾ ਰਹੇ ਚੰਗੇ ਸ਼ਾਸਨ ਦੀ ਗੱਲ ਹਜ਼ਮ ਨਹੀਂ ਹੋ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਤੇ ਕੂੜ ਪ੍ਰਚਾਰ ਉਤੇ ਵਿਸ਼ਵਾਸ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸਿਆਸੀ ਪ੍ਰਣਾਲੀ ਨੂੰ ਬਦਲਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਾਜਨੀਤੀ ਨੂੰ ਕਰੋੜਪਤੀਆਂ ਅਤੇ ਬਦਮਾਸ਼ਾਂ ਦੀ ਖੇਡ ਸਮਝਿਆ ਜਾਂਦਾ ਸੀ ਪਰ ਹੁਣ ਆਮ ਪਰਿਵਾਰਾਂ ਦੇ ਨੌਜਵਾਨ ਲੋਕਾਂ ਦੀ ਸੇਵਾ ਕਰਨ ਲਈ ਸਿਆਸਤ ਵਿੱਚ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਦਿੱਲੀ ਦੇ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ ਅਤੇ ਹੋਰ ਸਕੀਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਲਏ ਗਏ ਇਹ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਹਜ਼ਮ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਫੰਡ ਸੂਬਾ ਸਰਕਾਰ ਨੂੰ ਮੁਹੱਈਆ ਕਰਵਾ ਦਿੱਤੇ ਜਾਂਦੇ ਤਾਂ ਹੁਣ ਤੱਕ ਪਿੰਡਾਂ ਨੂੰ ਜੋੜਨ ਲਈ 67000 ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰ ਦਿੱਤੀ ਜਾਣੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਨੂੰ ਰੇਲ ਗੱਡੀਆਂ ਨਾ ਦੇ ਕੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਸੋਚੀ-ਸਮਝੀ ਸਾਜ਼ਿਸ਼ ਨਾਲ ਠੱਪ ਕਰ ਦਿੱਤਾ। ਉਨ੍ਹਾਂ ਕਿਹਾ ਕਿ 7 ਅਤੇ 15 ਦਸੰਬਰ ਨੂੰ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਅਦਾਇਗੀ ਕਰਨ ਦੇ ਬਾਵਜੂਦ ਸੂਬੇ ਨੂੰ ਨਹੀਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮਕਸਦ ਪੰਜਾਬ ਵਾਸੀਆਂ ਨੂੰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਪਰ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਭਾਜਪਾ ਦੇ ਪੰਜਾਬ ਵਿਰੋਧੀ ਪੈਂਤੜੇ ‘ਤੇ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਚੁੱਪ ‘ਤੇ ਸਵਾਲ ਉਠਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਭਾਵੇਂ ਰੇਲਵੇ ਇਸ ਸਕੀਮ ਲਈ ਰੇਲ ਗੱਡੀਆਂ ਚਲਾਉਣ ਲਈ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ ਪਰ ਪ੍ਰਧਾਨ ਮੰਤਰੀ ਰੋਜ਼ਾਨਾ ਸ਼ੇਖੀ ਮਾਰ ਰਹੇ ਹਨ ਕਿ ਡਬਲ ਇੰਜਣ ਵਾਲੀ ਸਰਕਾਰ ਹੋਣੀ ਚਾਹੀਦੀ ਹੈ। ਅਜਿਹੇ ਦੂਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ, ਜੇਕਰ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਨਹੀਂ ਮਿਲਦਾ।”
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਕਪਾਹ ਪੱਟੀ ਵਿੱਚ ਨਰਮੇ ਵਿੱਚੋਂ ਸੁੰਡੀਆਂ ਦੇ ਖਾਤਮੇ ਲਈ ਸਪਰੇਅ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਪਾਰਟੀ ਦੇਸ਼ ਵਿੱਚ ਸਿਆਸੀ ਢਾਂਚੇ ਨੂੰ ਸਾਫ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਲੋਕਾਂ ਦੇ ਸਹਿਯੋਗ ਸਦਕਾ ਆਮ ਆਦਮੀ ਅਤੇ ਸੂਬੇ ਦੇ ਭਲੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਫੰਡਾਂ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਰਹੀ ਹੈ।
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਮੇਤ ਸੂਬਾ ਭਾਜਪਾ ਪ੍ਰਧਾਨ ਨੇ ਇਸ ਮਾਮਲੇ ‘ਤੇ ਬਿਲਕੁਲ ਚੁੱਪ ਵੱਟੀ ਹੋਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬਠਿੰਡਾ ਦੇ ਸਰਬਪੱਖੀ ਵਿਕਾਸ ਲਈ 1125 ਕਰੋੜ ਰੁਪਏ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਆਪਕ ਵਿਕਾਸ ਲਈ ਇਸੇ ਤਰ੍ਹਾਂ ਦੇ ਪੈਕੇਜ ਦਿੱਤੇ ਗਏ ਸਨ ਅਤੇ ਹੁਣ ਇਸ ਪੈਕੇਜ ਲਈ ਬਠਿੰਡਾ ਨੂੰ ਚੁਣਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਅਤਿ ਆਧੁਨਿਕ ਸਕੂਲਾਂ, ਹਸਪਤਾਲਾਂ ਦੀ ਸਥਾਪਨਾ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ।
ਦਿੱਲੀ ਦੇ ਮੁੱਖ ਮੰਤਰੀ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਲੀਡਰਸ਼ਿਪ ਨੂੰ ਪਿਛਲੇ 75 ਸਾਲਾਂ ਵਿੱਚ ਕੀਤੇ ਵਿਕਾਸ ਦੇ ਇੱਕ ਵੀ ਕੰਮ ਦੀ ਸੂਚੀ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਹੋਰ ਸਹੂਲਤਾਂ ਦੇ ਨਾਲ-ਨਾਲ ਲੋਕਾਂ ਨੂੰ ਮੁਫਤ ਅਤੇ ਨਿਰਵਿਘਨ ਬਿਜਲੀ ਦੇ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰਾਂ ਦਾਅਵਾ ਕਰਦੀਆਂ ਸਨ ਕਿ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਕੋਲ ਸਰਕਾਰੀ ਖਜ਼ਾਨੇ ਵਿੱਚ ਕੋਈ ਪੈਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ ਅਤੇ ਹੁਣ ਇਹ ਪੈਸਾ ਆਮ ਆਦਮੀ ਦੀ ਭਲਾਈ ਲਈ ਸੂਝ-ਬੂਝ ਨਾਲ ਖਰਚਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਮੁਫਤ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਸਿਹਤ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੂਬੇ ਵਿੱਚ ਹਰ ਖੇਤਰ ਵਿੱਚ ਪੂਰਨ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 42,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਕਰੀਆਂ ਦੀ ਠੇਕਾ ਪ੍ਰਣਾਲੀ ਖ਼ਤਮ ਕਰ ਦਿੱਤੀ ਗਈ ਹੈ ਅਤੇ ਰੈਗੂਲਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਯੋਜਨਾਵਾਂ ਸਦਕਾ ‘ਆਪ’ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ 14 ਸੀਟਾਂ ਸਣੇ ਚੰਡੀਗੜ੍ਹ ਉਤੇ ਜਿੱਤ ਹਾਸਲ ਕਰੇਗੀ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਸੂਬਾ ਸਰਕਾਰ ਵਿਰੁੱਧ ਇਕਜੁਟ ਹੋ ਗਈਆਂ ਹਨ ਅਤੇ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਵਿਕਾਸ ਨੂੰ ਪਟੜੀ ਤੋਂ ਲਾਹੁਣ ਲਈ ਫੰਡਾਂ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ, ਸੂਬੇ ਦੇ ਫੰਡਾਂ ਨਾਲ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਈਆਂ ਅਤੇ ਹੁਣ ਕੇਂਦਰ ਸਰਕਾਰ ਨੇ ਰੇਲ ਗੱਡੀਆਂ ਬੰਦ ਕਰਕੇ ਲੋਕਾਂ ਨੂੰ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਤੋਂ ਰੋਕ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਲੋਕਾਂ ਦੀ ਸੇਵਾ ਲਈ ਕੋਈ ਨਾ ਕੋਈ ਰਾਹ ਜ਼ਰੂਰ ਕੱਢੇਗੀ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਸ. ਬਲਕਾਰ ਸਿੰਘ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ, ਵਿਧਾਇਕ ਬਠਿੰਡਾ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਆਪ ਆਗੂ ਸਤਬੀਰ ਕੌਰ, ਏਡੀਜੀਪੀ ਬਠਿੰਡਾ ਰੇਂਜ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਦਿ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।