ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਇਹ ਵੀ ਕਿਹਾ ਕਿ ਮਗਨਰੇਗਾ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸਾ ਰੋਡ ’ਤੇ ਸਥਿਤ ਅੰਡਰ ਬ੍ਰਿਜ ’ਚ ਬਰਸਾਤਾਂ ਦੌਰਾਨ ਖੜਨ ਵਾਲੇ ਪਾਣੀ ਦਾ ਪੱਕਾ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ੍ਰੀ ਕੰਵਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ ਗਿੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।