ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ
ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਲੰਧਰ, 17 ਮਈ:
ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ ‘ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ ‘ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ
Date: