ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ “ਜਨ ਮਾਲ ਲੋਕ ਅਦਾਲਤ” ਦੀ ਸ਼ੁਰੂਆਤ

JAN MAAL LOK ADALAT

1500 ਤੋਂ ਵੱਧ ਲੋਕਾਂ ਨੇ ਲਿਆ ਭਾਗ, 816 ਇੰਤਕਾਲ ਕੇਸਾਂ ਦਾ ਮੌਕਾ ’ਤੇ ਫੈਸਲਾ

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ/ਜਲੰਧਰ, 7 ਜੁਲਾਈ : 

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ ‘ਤੇ ਫੈਸਲਾ ਕੀਤਾ ਗਿਆ ਅਤੇ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਜਲਦ ਨਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਰਕਾਰ ਵੱਲੋਂ ਹਰ ਪੱਧਰ ‘ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕਈ ਜ਼ਿਲ੍ਹਿਆਂ ਵਿੱਚ ਕੈਬਨਿਟ ਮੀਟਿੰਗਾਂ ਕਰ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ ‘ਤੇ ਫੀਲਡ ਅਧਿਕਾਰੀਆਂ ਵੱਲੋਂ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਦੂਰ-ਦੁਰਾਡੇ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ।

ਇਸ ਮੌਕੇ ਮਾਲ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਸਪੈਸ਼ਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ। 

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਜਨ ਮਾਲ ਲੋਕ ਅਦਾਲਤ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਜਨ ਮਾਲ ਲੋਕ ਅਦਾਲਤ ਅਧੀਨ ਸਬ ਡਵੀਜ਼ਨ ਵਾਰ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਬਿਨੈਕਾਰਾਂ ਨੇ ਆਪਣੀਆਂ ਬਕਾਇਆ ਦਰਖਾਸਤਾਂ ਦੇ ਨਿਪਟਾਰੇ ਲਈ ਪਹੁੰਚ ਕੀਤੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਵਟਸਐਪ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਹੈਲਪਲਾਈਨ ਨੰਬਰ ‘ਤੇ ਮਾਲ ਵਿਭਾਗ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਹੈਲਪਲਾਈਨ ਰਾਹੀਂ 1400 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਸ਼ਿਕਾਇਤਾਂ ਪ੍ਰਕਿਰਿਆ ਅਧੀਨ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਦੀ ਜਨ ਮਾਲ ਲੋਕ ਅਦਾਲਤ ਵਿੱਚ ਮਾਲ ਅਧਿਕਾਰੀਆਂ ਵੱਲੋਂ 816 ਇੰਤਕਾਲ ਕੇਸਾਂ ਦੇ ਫੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝਗੜੇ ਵਾਲੇ, ਝਗੜਾ ਰਹਿਤ, ਵਿਰਾਸਤ, ਤਬਾਦਲੇ ਸਬੰਧੀ ਇੰਤਕਾਲ ਸ਼ਾਮਲ ਹਨ ਜਦਕਿ ਕੁੱਲ 90 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਮਾਲ ਮੰਤਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਕਿਸਮ ਦੇ ਕੇਸਾਂ ਖਾਸ ਕਰ ਤਕਸੀਮ ਅਤੇ ਇੰਤਕਾਲ ਦੇ ਕੇਸਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਵਿਭਾਗ ਨੂੰ ਹੋਰ ਜਵਾਬਦੇਹ ਅਤੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

——

[wpadcenter_ad id='4448' align='none']