ਮਾਨਸਾ, 01 ਨਵੰਬਰ :
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਰਫੇਸ ਸੀਡਰ ਵਿਧੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ।
ਇੰਜੀਨੀਅਰ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਪਰਾਲੀ ਵਿਚ ਮੌਜੂਦਾ ਤੱਤ ਨਸ਼ਟ ਹੁੰਦੇ ਹਨ, ਓਥੇ ਹੀ ਮਿੱਟੀ ਦੀ ਸਤਹਿ ਉਪਰ ਪਲ ਰਹੇ ਜੀਵਾਣੂ ਵੀ ਅੱਗ ਦੀ ਲਪੇਟ ਵਿਚ ਆ ਜਾਂਦੇ ਹਨ। ਇਸ ਨਾਲ ਮਿੱਟੀ, ਪੌਣ, ਪਾਣੀ, ਪਸ਼ੂ, ਪੰਛੀਆਂ ਤੇ ਮਨੁੱਖਾਂ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲੰਬੇ ਸਮੇਂ ਤੱਕ ਕਾਮਯਾਬ ਕਿੱਤਾ ਬਣਾਈ ਰੱਖਣ ਲਈ ਪਾਣੀ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣਾ ਜ਼ਰੂਰੀ ਹੋਵੇਗਾ।
ਡਾ. ਤੇਜਪਾਲ ਸਿੰਘ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ ਦੇ ਸਬੰਧ ਵਿੱਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਡਾ. ਵਿਨੈ ਪਠਾਨੀਆ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟ ਨਾਸ਼ਕ ਵਰਤਣ ਲਈ ਪ੍ਰੇਰਿਆ।
ਇਸ ਦੇ ਨਾਲ ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੇ ਸਿਹਤ ਅਤੇ ਫ਼ਸਲ ਦੇ ਝਾੜ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਪਿੰਡ ਪੱਧਰੀ ਕੈਂਪ ਵਿੱਚ 100 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਮਾਹਿਰਾਂ ਵਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖ਼ਸ਼ ਤਰੀਕੇ ਨਾਲ ਦਿੱਤੇ ਗਏ। ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ
Date: