ਚੰਡੀਗੜ੍ਹ, 20 ਨਵੰਬਰ:
Kultar Singh Sandhawan ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।
ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।
READ ALSO : ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ।
ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ।
ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ। Kultar Singh Sandhawan