ਪਟਿਆਲਾ, 24 ਅਪ੍ਰੈਲ:
ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ 40 ਸਾਲ ਤੋਂ ਘੱਟ ਬਹੁਗਿਣਤੀ ਆਬਾਦੀ ਵਾਲਾ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ ਇਹ ਆਬਾਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਅਸੀਮ ਤਾਕਤ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਕਦਮ ਹੈ ਕਿਉਂਕਿ ਇਹ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਏਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦੀ ਲੜਕੀਆਂ ਲਈ ਇਲੈਕਟ੍ਰਿਕ ਵਾਹਨ ਆਧਾਰਤ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਹੋਰ ਥਾਵਾਂ ਉਤੇ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।
ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ ‘ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ ‘ਚ ਅੱਗੇ ਆਉਂਦੀਆਂ ਹਨ ਤਾਂ ਨਿਸ਼ਚਿਤ ਤੌਰ ‘ਤੇ ਉਹ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਅਹਿਮ ਭੂਮਿਕਾ ਨਿਭਾਉਣਗੀਆਂ | ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸ਼ਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 11 ਵਿੱਚੋਂ ਦੋ ਮਹਿਲਾ ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜ ਮਹਿਲਾ ਐਸ.ਐਸ.ਪੀ. ਅਤੇ ਸੱਤ ਮਹਿਲਾ ਡੀ.ਸੀ. ਨਿਯੁਕਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇ ਵਿਸ਼ੇਸ਼ ਮਹਿਲਾ ਥਾਣੇ ਸਥਾਪਿਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਥਾਣੇ ਬਣਾਏ ਜਾਣਗੇ।
ਲੜਕੀਆਂ ਵੱਲੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ਵਿੱਚ ਗੁਣਾਤਮਕ ਤਬਦੀਲੀ ਆਵੇਗੀ।
ਮੁੱਖ ਮੰਤਰੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰ ਕੇ ਇਸ ਰਫ਼ਤਾਰ ਨੂੰ ਜ਼ਰੂਰ ਜਾਰੀ ਰੱਖਿਆ ਜਾਵੇਗਾ।