ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 7 ਦਸੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਪਿੰਡ ਮੱਤੇਵਾੜਾ, ਲੁਧਿਆਣਾ ਨੇ ਉਕਤ ਮੁਲਜ਼ਮ ਪੰਕਜ ਕੁਮਾਰ ਨੰਬਰਦਾਰ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਉਹ ਲੁਧਿਆਣਾ ਸ਼ਹਿਰ ਦੇ ਪ੍ਰੇਮ ਵਿਹਾਰ ਇਲਾਕੇ ਵਿੱਚ ਸਫ਼ਾਈ ਸੇਵਕ ਵਜੋਂ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਹੈ। ਉਸਨੇ ਅੱਗੇ ਦੱਸਿਆ ਕਿ 800 ਮੀਟਰ ਦੇ ਘੇਰੇ ਵਿੱਚ ਕੰਮ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ, ਉਸਨੂੰ 2400 ਮੀਟਰ ਦਾ ਖੇਤਰ ਦਿੱਤਾ ਗਿਆ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੰਬਰਦਾਰ ਨੇ ਉਸ ਨੂੰ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦੇਣ ਲਈ 5,000 ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਸ਼ਿਕਾਇਤਕਰਤਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪੰਕਜ ਕੁਮਾਰ ਨੇ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸ਼ਿਕਾਇਤਕਰਤਾ ਨੇ ਪੰਕਜ ਕੁਮਾਰ ਨਾਲ ਕੀਤੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਰਿਕਾਡਿੰਗ ‘ਚ ਪੰਕਜ ਕੁਮਾਰ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਲੁਧਿਆਣਾ ਦੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਪੜਤਾਲ ਕਰਨ ਉਪਰੰਤ ਦੋਸ਼ਾਂ ਦੀ ਪੁਸ਼ਟੀ ਹੋ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਤੋਂ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਲਜ਼ਮ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 30 ਮਿਤੀ 7.12.23 ਨੂੰ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੰਬਰਦਾਰ ਪੰਕਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

[wpadcenter_ad id='4448' align='none']