ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

ਲੁਧਿਆਣਾ, 5 ਜੂਨ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ, ਮੇਜਰ ਸਰੀਨ ਨੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਨ ਬਾਰੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਸਟਾਫ਼ ਦੇ ਡਿਊਟੀ ਰੋਸਟਰ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਅਤੇ ਬੁੱਢਾ ਦਰਿਆ ਦੇ ਬੰਨ੍ਹਾਂ ਸਮੇਤ ਕਿਸੇ ਵੀ ਹੜ੍ਹ ਦੀ ਸੰਭਾਵਨਾ ਵਿੱਚ ਨੁਕਸਾਨ ਨੂੰ ਘੱਟ ਕਰਨ ਲਈ ਹੜ੍ਹ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਵੱਲੋਂ ਕੰਟੀਜੈਂਟ ਪਲਾਨ ਤਿਆਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਯੋਜਨਾਬੰਦੀ ਵਿੱਚ ਸਾਰੀਆਂ ਖਾਮੀਆਂ ਦਾ ਨਿਪਟਾਰਾ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਨੂੰ ਵੀ ਸੁਰੱਖਿਅਤ ਥਾਵਾਂ ਦੇ ਨਾਲ-ਨਾਲ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ, ਜਿੱਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਤੇ ਸਪਲਾਈ, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

[wpadcenter_ad id='4448' align='none']